ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥


COMMERCIAL BREAK
SCROLL TO CONTINUE READING

ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥