Dirba News: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਕਰੋੜ 80 ਲੱਖ ਰੁਪਏ ਦੀ ਲਾਗਤ ਦੇ ਨਾਲ ਚਾਰ ਮੰਜ਼ਿਲਾਂ ਸਬ ਡਿਵੀਜ਼ਨਲ ਕੰਪਲੈਕਸ ਬਣ ਕੇ ਤਿਆਰ ਹੋਇਆ ਹੈ।
Trending Photos
Dirba News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.45 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ।
ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਹੋਣਗੇ, ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਈ 2023 ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਇਹ ਰਿਕਾਰਡ ਸਮੇਂ ਵਿੱਚ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਂ ਏਕੜ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿਚ ਸੀ, ਜਿਸ ਕਾਰਨ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੀ ਲੋਕ ਸੇਵਾ ਵਾਲੇ ਅਜਿਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅੰਦਾਜ਼ਨ ਲਾਗਤ ਦੇ ਮੁਕਾਬਲੇ ਇਸ ਇਮਾਰਤ ਦੀ ਉਸਾਰੀ ਕਰਕੇ ਡੇਢ ਕਰੋੜ ਰੁਪਏ ਦੀ ਬਚਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਚੀਮਾਂ ਵਿਖੇ ਵੀ ਸਬ ਡਵੀਜ਼ਨ ਕੰਪਲੈਕਸ ਉਸਾਰੀ ਅਧੀਨ ਹੈ ਅਤੇ ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 49427 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ 3 ਦਸੰਬਰ ਨੂੰ ਪਟਿਆਲਾ ਵਿਖੇ 700 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ 'ਤੇ ਇਹ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ।