ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ੁਰੂਆਤੀ ਦੌਰ ’ਚ ਡਾ. ਵਿਜੇ ਸਿੰਗਲਾ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
Trending Photos
Health Minister Dr. Balbir Singh: ਕਾਂਗਰਸ ਦੀ ਸਰਕਾਰ ਵੇਲੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਬਾਅਦ ਹੁਣ ਦੁਬਾਰਾ ਉਨ੍ਹਾਂ ਨੇ ਨਾਮ ਨਾਲ ਮੇਲ ਖਾਂਦੇ ਡਾ. ਬਲਬੀਰ ਸਿੰਘ ਨੂੰ ਸਿਹਤ ਵਿਭਾਗ ਸੌਂਪਿਆ ਗਿਆ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾ. ਬਲਬੀਰ ਸਿੰਘ ਨੂੰ ਮੰਤਰੀ ਦੇ ਅਹੁਦੇ ਲਈ ਹਲਫ਼ ਦਵਾਇਆ। ਜ਼ਿਕਰਯੋਗ ਹੈ ਕਿ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਤੋਂ ਸੀਟ ਜਿੱਤਕੇ ਵਿਧਾਨ ਸਭਾ ਪਹੁੰਚੇ ਸਨ।
ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਭਗਵੰਤ ਮਾਨ ਦੇ ਬਤੌਰ ਮੁੱਖ ਮੰਤਰੀ ਦੇ ਕਾਰਜਕਾਲ ਵਜੋਂ ਤੀਜੀ ਵਾਰ ਸਿਹਤ ਮੰਤਰੀ ਬਦਲਿਆ ਗਿਆ ਹੈ। ਸਭ ਤੋਂ ਪਹਿਲਾਂ ਸ਼ੁਰੂਆਤੀ ਦੌਰ ’ਚ ਡਾ. ਵਿਜੇ ਸਿੰਗਲਾ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਡਾ. ਸਿੰਗਲਾ ਤੋਂ ਬਾਅਦ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਸੌਂਪੀ ਗਈ। ਇਸ ਦੌਰਾਨ ਚੇਤਨ ਸਿੰਘ ਜੌੜੇਮਾਜਰਾ ਵੀ ਆਪਣੀ ਕਾਰਗੁਜ਼ਾਰੀ ਕਾਰਨ ਸੁਰਖੀਆਂ ’ਚ ਰਹੇ। ਖ਼ਰਾਬ ਗੱਦਿਆਂ ਦੇ ਮਾਮਲੇ ’ਚ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਅਤੇ ਸਿਹਤ ਮੰਤਰੀ ਜੌੜੇਮਾਜਰਾ ਵਿਚਾਲੇ ਵਿਵਾਦ ਕਾਫ਼ੀ ਭੱਖ ਗਿਆ ਸੀ।
ਇਸ ਵਿਵਾਦ ਤੋਂ ਬਾਅਦ ਵਿਰੋਧੀ ਧਿਰਾਂ ਸਿਹਤ ਮੰਤਰੀ ਜੌੜੇਮਾਜਰਾ ਦੀ ਅਸਤੀਫ਼ੇ ਦੀ ਮੰਗ ਕਰਨ ਲੱਗ ਪਈਆਂ ਸਨ। ਹੋਰ ਤਾਂ ਹੋਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫ਼ੋਨ ’ਤੇ ਜੌੜੇਮਾਜਰਾ ਨੂੰ ਝਾੜ ਪਾਏ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਜਿਸ ਤੋਂ ਬਾਅਦ ਸਿਹਤ ਮੰਤਰੀ ਜੌੜੇਮਾਜਰਾ ਦੇ ਮਹਿਕਮੇ ’ਚ ਫੇਰਬਦਲ ਕੀਤੇ ਜਾਣ ਦੀਆਂ ਚਰਚਾਵਾਂ ਨੇ ਜੋਰ ਫੜ ਲਿਆ ਸੀ।
ਹੁਣ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੇਤਨ ਸਿੰਘ ਜੌੜੇਮਾਜਰਾ ਤੋਂ ਬਾਅਦ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਡਾ. ਬਲਬੀਰ ਸਿੰਘ ਨੂੰ ਸੌਂਪੀ ਗਈ ਹੈ। ਡਾ. ਬਲਬੀਰ ਸਿੰਘ ਅੱਖਾਂ ਦੇ ਮਸ਼ਹੂਰ ਡਾਕਟਰ ਹਨ ਅਤੇ ਪਿਛਲੇ 40 ਸਾਲਾਂ ਤੋਂ ਸਿਹਤ ਦੇ ਖੇਤਰ ’ਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਸਨ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ CM ਮਾਨ ਨੂੰ ਦੱਸਿਆ ਨਾਸਤਿਕ, ਕਿਹਾ ਧਰਮ ਦੀ ਮਰਿਆਦਾ ਦਾ ਕੋਈ ਖ਼ਿਆਲ ਨਹੀਂ