ਪ੍ਰਦਰਸ਼ਨਕਾਰੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਦਾ ਘਿਰਾਓ ਕਰਨ ਤੋਂ ਪਹਿਲਾ ਹੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਧਾਈ ਗਈ ਹੈ। ਕੱਚੇ ਅਧਿਆਪਕਾਂ ਦਾ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਮੰਤਰੀ ਦੇ ਪਿੰਡ ਤੇ ਨਾਲ ਦੇ ਪਿੰਡਾਂ ਦੀਆਂ ਪਾਣੀ ਵਾਲੀਆਂ ਟੈਂਕੀਆਂ ਦੁਆਲੇ ਕੰਡਿਆਲੀ ਤਾਰ ਲਗਾ ਦਿੱਤੀ ਗਈ ਹੈ।
Trending Photos
ਬਿਮਲ ਸ਼ਰਮਾ (ਸ਼੍ਰੀ ਅਨੰਦਪੁਰ ਸਾਹਿਬ)- ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾ ਦਾਅਵਾ ਕੀਤਾ ਜਾਂਦਾ ਸੀ ਕਿ ਸਾਡੀ ਸਰਕਾਰ ਆਉਣ 'ਤੇ ਲੱਗ ਰਹੇ ਧਰਨੇ ਪ੍ਰਦਰਸ਼ਨ ਖਤਮ ਹੋ ਜਾਣਗੇ। ਪਰ ਸਰਕਾਰ ਦੇ ਛੇ ਮਹੀਨਿਆਂ ਦੌਰਾਨ ਲਗਾਤਾਰ ਬੇਰੁਜ਼ਾਗਰਾਂ, ਕੱਚੇ ਮੁਲਾਜ਼ਮਾਂ ਤੇ ਹੋਰ ਵਰਗਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕੀਤੇ ਜਾਣ 'ਤੇ ਪ੍ਰਦਰਸ਼ਕਾਰੀ ਧਰਨਾ ਦੇਣ ਨੂੰ ਮਜ਼ਬੂਰ ਹਨ। ਪਰ ਦੂਜੇ ਪਾਸੇ ਸਰਕਾਰ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਮੰਨੀਆਂ ਜਾਣ ਦੀ ਬਜਾਇ ਇਨ੍ਹਾਂ 'ਤੇ ਬਲ ਦਾ ਪ੍ਰਯੋਗ ਵੀ ਕੀਤਾ ਗਿਆ ਤੇ ਕੀਤਾ ਜਾ ਰਿਹਾ ਹੈ।
ਅਜਿਹਾ ਹੀ ਮਾਮਲਾ ਹੈ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਹਲਕੇ ਆਨੰਦਪੁਰ ਸਾਹਿਬ ਤੋਂ ਜਿਥੇ ਈਟੀਟੀ ਟੈੱਟ ਪਾਸ ਕੱਚੇ ਅਧਿਆਪਕਾਂ ਵੱਲੋਂ ਮੰਤਰੀ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਅਧਿਆਪਕਾਂ ਵੱਲੋਂ 8 ਅਕਤੂਬਰ ਨੂੰ ਮੰਤਰੀ ਦੇ ਪਿੰਡ ਗੰਭੀਰਪੁਰ ਦਾ ਘਿਰਾਓ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪਹਿਲਾ ਹੀ ਤਿਆਰੀਆਂ ਕਰ ਲਈ ਗਈ ਹੈ। ਪ੍ਰਸ਼ਾਸਨ ਵੱਲੋਂ ਪਿੰਡ ਦੇ ਆਸ-ਪਾਸ ਬਣੀਆਂ ਪਾਣੀ ਦੀਆਂ ਟੈਂਕੀਆਂ ਨੂੰ ਕੰਡਿਆਲੀ ਤਾਰਾਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਅਧਿਆਪਕ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਨਾ ਕਰ ਸਕੇ। ਇਸ ਤੋਂ ਇਲਾਵਾ ਪਿੰਡ ਦੇ ਆਲੇ ਦੁਆਲੇ ਬੈਰੀਗੇਟ ਵੀ ਲਗਾ ਦਿੱਤੇ ਗਏ ਹਨ। ਪਿੰਡ ਵਾਲਿਆਂ ਤੇ ਕਿਸਾਨ ਆਗੂਆਂ ਵੱਲੋਂ ਪ੍ਰਸ਼ਾਸਨ ਦੇ ਇਸ ਵਤੀਰੇ 'ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਬੀਤੇ ਦਿਨੀ ਹੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ੍ਹ ਕਲਾ ਵਿੱਚ ਪਾਣੀ ਦੀ ਟੈਂਕੀ 'ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸੁਪਨ ਸ਼ਰਮਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਾਂਗਰਸ ਸਰਕਾਰ ਸਮੇਂ ਪਾਣੀ ਦੀ ਟੈਂਕੀ 'ਤੇ ਪ੍ਰਦਰਸ਼ਨ ਕਰ ਰਹੀ ਸੁਪਨ ਸ਼ਰਮਾ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਭੈਣ ਕਹਿ ਕੇ ਉਤਾਰਿਆ ਗਿਆ ਸੀ ਤੇ ਸਰਕਾਰ ਆਉਣ 'ਤੇ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਸਰਕਾਰ ਆਉਣ ਤੋਂ ਬਾਅਦ ਵੀ ਸੁਪਨ ਸ਼ਰਮਾ ਟੈਂਕੀ 'ਤੇ ਚੜ੍ਹਨ ਨੂੰ ਮਜ਼ਬੂਰ ਹੈ।
ਦੱਸਦੇਈਏ ਕਿ ਈਟੀਟੀ ਟੈੱਟ ਪਾਸ ਕੱਚੇ ਅਧਿਆਪਕਾਂ ਵੱਲੋਂ ਲਗਾਤਾਰ ਸਰਕਾਰ ਦੇ ਕੰਨ੍ਹਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਅਧਿਆਪਕਾਂ ਦਾ ਇਲਜ਼ਾਮ ਹੈ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾ ਉਨ੍ਹਾਂ ਨਾਲ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਕੀ ਸਰਕਾਰ ਹੱਕੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨਾਲ ਵਤੀਰੇ ਕਰਦੀਆਂ ਰਹੀਆਂ ਹਨ ਉਸੇ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰ ਰਹੀ ਹੈ।
WATCH LIVE TV