Amritsar News (ਭਰਤ ਸ਼ਰਮਾ): ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।


COMMERCIAL BREAK
SCROLL TO CONTINUE READING

ਮ੍ਰਿਤਕ ਸਰੀਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਚੇਚੇ ਤੌਰ ਉਤੇ ਭੇਜੇ ਗਏ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰਾਂ ਨੇ ਪ੍ਰਾਪਤ ਕੀਤਾ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ।


ਉਨ੍ਹਾਂ ਦੱਸਿਆ ਕਿ ਜਦ ਉਨ੍ਹਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ਉਤੇ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ 'ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ।


ਬਿਕਰਮਜੀਤ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸਦੇ ਭਰਾ ਜਗਰੂਪ ਸਿੰਘ, ਦਲਬੀਰ ਸਿੰਘ, ਸਰਬਜੋਤ ਸਿੰਘ, ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ। ਚੇਅਰਮੈਨ ਚੇਤਨਪੁਰਾ ਸਮੇਤ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ।


ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਵੀ ਟੈਲੀਫੋਨ ਰਾਹੀਂ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 371 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ