Election Commission News:  ਚੋਣ ਕਮਿਸ਼ਨ ਨੇ ਰਾਜਪੁਰਾ ਦੇ ਦੋ ਸਿਨੇਮਾ ਘਰਾਂ ਉਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉਤੇ ਵੱਡੀ ਕਾਰਵਾਈ ਕੀਤੀ ਹੈ। ਰਾਜਪੁਰਾ ਵਿੱਚ ਪ੍ਰਾਈਮ ਸਿਨੇਮਾ ਵਿੱਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਵੀਡੀਓ ਕਲਿੱਪ ਚਲਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਚੱਲਦਿਆਂ ਪ੍ਰਾਈਮ ਸਿਨੇਮਾ ਦੇ ਮਾਲਕ ਮੈਨੇਜਰ ਤੇ ਕਿਊਬ ਸਿਨੇਮਾ ਖਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਰਾਜਪੁਰਾ ਨੂੰ ਮਾਨਿਕ ਗੋਇਲ ਨਾਮਕ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੋਕ ਸਭਾ ਚੋਣਾਂ 2024 ਦੇ ਚੱਲਦਿਆਂ ਸੂਬੇ ਅੰਦਰ ਚੋਣ ਜ਼ਾਬਤਾ ਲੱਗਿਆ ਹੋਇਆ ਹੈ ਪਰ ਇੱਥੋਂ ਦੇ ਪ੍ਰਾਈਮ ਸਿਨੇਮਾ ਵਿੱਚ ਪਿਛਲੇ ਕਈ ਦਿਨਾਂ ਤੋਂ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਵੀਡੀਓ ਕਲਿੱਪਾਂ ਚਲਾ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾ ਰਹੀ ਸੀ।


ਜਿਸ ਦੇ ਚੱਲਦਿਆ ਸ਼ਿਕਾਇਤਕਰਤਾ ਨੇ ਰਿਟਰਨਿੰਗ ਅਫਸਰ ਪਟਿਆਲਾ ਸਮੇਤ ਹੋਰਨਾ ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਕੇ ਮੌਕੇ ਦੀ ਜਾਂਚ ਕਰਨ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਆਖੀ। ਇਸ ਤੋਂ ਬਾਅਦ ਰਿਟਰਨਿੰਗ ਅਫਸਰ ਵੱਲੋਂ ਜਾਂਚ ਪੜਤਾਲ ਕਰਨ ਤੋਂ ਬਾਅਦ ਥਾਣਾ ਸਦਰ ਰਾਜਪੁਰਾ ਵਿਖੇ ਪ੍ਰਾਈਮ ਸਿਨੇਮਾ ਦੇ ਮਾਲਕ, ਮੈਨੇਜਰ ਅਤੇ ਕਿਊਬ ਸਿਨੇਮਾ ਮਾਲਕ ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਚਲਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਦੋਂ ਪੁਲਿਸ ਚੌਂਕੀ ਜਨਸੂਆ ਦੇ ਇੰਚਾਰਜ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਇਸ ਮਾਮਲੇ ਦੀ ਪੁਸ਼ਟੀ ਕੀਤੀ।


ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਪ੍ਰਾਈਮ ਸਿਨੇਮਾ, ਰਾਜਪੁਰਾ ਦੇ ਮੈਨੇਜਰ ਪਰਮਜੀਤ ਸਿੰਘ ਨੂੰ 6 ਅਪ੍ਰੈਲ ਨੂੰ ਆਰ.ਓ. 113-ਘਨੌਰ/ਏ.ਆਰ.ਓ. 13-ਪਟਿਆਲਾ ਨੇ ਨੋਟਿਸ ਜਾਰੀ ਕੀਤਾ ਅਤੇ ਨਾਲ ਹੀ ਫਲਾਇੰਗ ਸਕੁਐਡ ਵੱਲੋਂ ਉਕਤ ਸਿਨੇਮਾ ਦਾ ਦੌਰਾ ਕੀਤਾ ਗਿਆ। ਸਿਨੇਮਾਘਰ ਵਿੱਚ ਇਸ਼ਤਿਹਾਰਾਂ ਦੇ ਪ੍ਰਸਾਰਣ ਨਾਲ ਸਬੰਧਤ ਮਾਮਲਾ ਹੋਣ ਕਰਕੇ ਇਸ ਨੂੰ ਐਮਸੀਐਮਸੀ ਪਟਿਆਲਾ ਦੇ ਸਾਹਮਣੇ ਰੱਖਿਆ ਗਿਆ।  


ਐਮਸੀਐਮਸੀ ਪਟਿਆਲਾ ਦੀਆਂ ਸਿਫ਼ਾਰਸ਼ਾਂ ਅਨੁਸਾਰ, ਪਟਿਆਲਾ ਪੁਲਿਸ ਵੱਲੋਂ 8 ਅਪ੍ਰੈਲ ਨੂੰ ਆਈਪੀਸੀ ਦੀ ਧਾਰਾ 188 ਅਤੇ 177  ਦੇ ਤਹਿਤ ਪ੍ਰਾਈਮ ਸਿਨੇਮਾ ਦੇ ਮਾਲਕ ਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਨੁਮਾਇੰਦਿਆਂ/ਪ੍ਰਬੰਧਕ/ਇੰਚਾਰਜ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।

 ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਰਿਪੋਰਟ ਭੇਜ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਬਾਕੀ 22 ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਦੇ ਕਿਸੇ ਹੋਰ ਹਿੱਸੇ ਤੋਂ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ।