Dhuri News: ਧੂਰੀ ਵਿਖੇ ਅੱਖਾਂ ਦਾ ਇੱਕ ਮੈਗਾ ਜਾਂਚ ਕੈਂਪ ਲਗਾਇਆ ਗਿਆ। ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਅਦਾਕਾਰਾ ਸ਼ਿਲਪਾ ਸ਼ੈਟੀ ਤੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੇ ਸ਼ਿਰਕਤ ਕੀਤੀ।
Trending Photos
Dhuri News: ਯੂਕੇ ਵਾਸੀ ਪ੍ਰਵਾਸੀ ਭਾਰਤੀ ਅਤੇ ਪ੍ਰਸਿੱਧ ਸਮਾਜ ਸੇਵੀ ਸੁਰਿੰਦਰ ਸਿੰਘ ਨਿੱਝਰ ਵੱਲੋਂ ਸੋਮਵਾਰ ਨੂੰ ਧੂਰੀ ਵਿਖੇ ਅੱਖਾਂ ਦਾ ਇੱਕ ਮੈਗਾ ਜਾਂਚ ਕੈਂਪ ਲਗਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ, ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਪਤਵੰਤਿਆਂ ਦੀ ਮੌਜੂਦਗੀ ਵਿੱਚ ਕੈਂਪ ਦਾ ਉਦਘਾਟਨ ਕੀਤਾ।
ਕੈਂਪ ਵਿੱਚ ਜਿੱਥੇ 700 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਲਈ ਸ਼ਨਾਖਤ ਕੀਤੀ ਗਈ, ਉੱਥੇ ਹੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਔਰਤਾਂ ਨੂੰ 2200 ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ।
ਵਿਸ਼ੇਸ਼ ਤੌਰ 'ਤੇ ਦਿਵਿਆਂਗ ਵਿਅਕਤੀਆਂ ਨੂੰ 100 ਵ੍ਹੀਲ ਚੇਅਰਾਂ ਵੰਡੀਆਂ ਗਈਆਂ ਜਦਕਿ ਸੁਣਨ ਦੀ ਸਮੱਸਿਆ ਵਾਲੇ ਮਰੀਜ਼ਾਂ ਨੂੰ 100 ਕੰਨਾਂ ਦੀਆਂ ਮਸ਼ੀਨਾਂ ਦਿੱਤੀਆਂ ਗਈਆਂ। ਇਸ ਮੌਕੇ 20 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਵਿੱਤੀ ਸਹਾਇਤਾ ਵੀ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 6000 ਤੋਂ ਵੱਧ ਸਥਾਨਕ ਲੋਕਾਂ ਦੀਆਂ ਅੱਖਾਂ ਸਬੰਧੀ ਸਮੱਸਿਆਵਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕੈਂਪ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕੈਂਪ ਨੇ ਧੂਰੀ ਵਿੱਚ ਇਤਿਹਾਸ ਰਚਿਆ ਹੈ ਕਿਉਂਕਿ ਇਹ ਪ੍ਰਵਾਸੀ ਭਾਰਤੀ ਕਾਰੋਬਾਰੀ ਸ੍ਰੀ ਨਿੱਝਰ ਵੱਲੋਂ ਕਰਵਾਇਆ ਗਿਆ ਅਜਿਹਾ ਹੁਣ ਤੱਕ ਦਾ ਸਭ ਤੋਂ ਵੱਡਾ ਸਮਾਗਮ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਵਰਗੀਆਂ ਸਖਸ਼ੀਅਤਾਂ ਤੋਂ ਸੇਧ ਲੈਣੀ ਚਾਹੀਦੀ ਹੈ ਕਿਉਂ ਜੋ ਉਹ ਵਿਦੇਸ਼ਾਂ ਵਿੱਚ ਬੈਠ ਕੇ ਵੀ ਪੰਜਾਬ ਦੇ ਲੋਕਾਂ ਦੀ ਭਲਾਈ ਬਾਰੇ ਸੋਚ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਸਮੁੱਚੇ ਸਮਾਜ ਨੂੰ ਮੋਢੇ ਨਾਲ ਮੋਢਾ ਜੋੜ ਕੇ ਤੁਰਨ ਦੀ ਲੋੜ ਹੈ ਅਤੇ ਇਹ ਕੈਂਪ ਉਸ ਦਿਸ਼ਾ ਵਿੱਚ ਇੱਕ ਵਧੀਆ ਉਦਾਹਰਣ ਹੈ। ਡਾ. ਗੁਰਪ੍ਰੀਤ ਕੌਰ ਨੇ ਪ੍ਰਵਾਸੀ ਭਾਰਤੀਆਂ ਨੂੰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਪ੍ਰਸਿੱਧ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਇਸ ਕੈਂਪ ਵਿੱਚ ਸ਼ਾਮਲ ਹੋ ਕੇ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਉਹ ਆਪਣੇ ਸਹੁਰਿਆਂ ਦੇ ਪੰਜਾਬੀ ਪਿਛੋਕੜ ਕਾਰਨ ਪੰਜਾਬੀ ਜੜ੍ਹਾਂ ਨਾਲ ਜੁੜੀ ਹੋਈ ਹੈ। ਸ਼ਿਲਪਾ ਸ਼ੈਟੀ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਕੋਲ ਬਹੁਤ ਪੈਸਾ ਹੈ ਪਰ ਸ਼੍ਰੀ ਨਿੱਝਰ ਵਰਗੇ ਕੁਝ ਹੀ ਸਖ਼ਸ਼ ਸਾਡੇ ਸਮਾਜ ਦੇ ਗਰੀਬ ਵਰਗ ਦੀ ਭਲਾਈ ਲਈ ਕਰੋੜਾਂ ਰੁਪਏ ਖਰਚ ਕਰਨ ਦਾ ਦਿਲ ਰੱਖਦੇ ਹਨ। ਇਸ ਮੌਕੇ ਸੁਰਿੰਦਰ ਸਿੰਘ ਨਿੱਝਰ ਨੇ ਕਿਹਾ ਕਿ ਇਹ ਉਨ੍ਹਾਂ ਦੇ ਗਰੁੱਪ ਵੱਲੋਂ 13ਵਾਂ ਮੈਗਾ ਅੱਖਾਂ ਦਾ ਕੈਂਪ ਸੀ ਅਤੇ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਹਰ ਵੇਲੇ ਸਮਰਪਿਤ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ, ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਦੇ ਓ.ਐਸ.ਡੀ. ਪ੍ਰੋ. ਉਂਕਾਰ ਸਿੰਘ, ਉੱਘੇ ਆਗੂ ਹਰਪਾਲ ਜੁਨੇਜਾ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਸਤਿੰਦਰ ਸਿੰਘ ਚੱਠਾ, ਜੱਸੀ ਸੇਖੋਂ, ਅਨਵਰ ਭਸੌੜ, ਧੂਰੀ ਦਫਤਰ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਬਰਾੜ ਤੇ ਅਮੀਰ ਸਿੰਘ, ਪਰਮਜੀਤ ਸਿੰਘ ਭਿੰਦੀ, ਵਲਜੋਤ ਪੰਨੂ, ਸਮਾਜਸੇਵੀ ਨਿੱਝਰ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।