Farmer News: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਕਾਰਵਾਈ ਕਰਨ ਉਤੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਪਰਾਲੀ ਦੀ ਫਿਕਰ ਹੈ ਪਰ ਝੋਨੇ ਦਾ ਕੋਈ ਵੀ ਫਿਕਰ ਨਹੀਂ ਹੈ। ਜਿਸ ਕਾਰਨ ਅੱਜ ਕਿਸਾਨ ਸੜਕਾਂ ਤੇ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ। ਸੰਘਰਸ਼ ਦੇ ਬਾਵਜੂਦ ਸਰਕਾਰ ਦੇ ਕੰਨ 'ਤੇ ਕੋਈ ਵੀ ਜੂੰ ਨਹੀਂ ਸਰਕ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਵਿੱਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਾਨਸਾ ਦੇ ਵਿਧਾਇਕ ਦੇ ਘਰ ਬਾਹਰ ਧਰਨੇ ਪ੍ਰਦਰਸ਼ਨ ਦੌਰਾਨ ਕੀਤਾ।


COMMERCIAL BREAK
SCROLL TO CONTINUE READING

ਪੰਜਾਬ ਵਿੱਚ ਝੋਨੇ ਦੀ ਖਰੀਦ ਦੀ ਸਮੱਸਿਆ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਜ਼ੀਰਾਂ, ਵਿਧਾਇਕਾਂ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਤੋਂ ਇਲਾਵਾ 21 ਟੋਲ ਪਲਾਜ਼ਾ 'ਤੇ ਵੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਮਾਨਸਾ ਵਿੱਚ ਵਿਧਾਇਕ ਵਿਜੇ ਸਿੰਘਲਾ ਦੇ ਘਰ ਬਾਹਰ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਪੰਜ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਜਥੇਬੰਦੀ ਟੋਲ ਪਲਾਜ਼ੇ ਵਿਧਾਇਕਾਂ ਦੇ ਘਰਾਂ ਤੇ ਵਜ਼ੀਰਾਂ ਦੇ ਘਰਾਂ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨੀ ਦੇ ਆਲਮ ਵਿੱਚ ਹਨ।


ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਪਰਾਲੀ ਦੀ ਫਿਕਰ ਹੈ ਪਰ ਝੋਨੇ ਦੀ ਕੋਈ ਵੀ ਫਿਕਰ ਨਹੀਂ। ਕਿਸਾਨ ਨੇਤਾ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਬਰੇਟਾ ਮੰਡੀ ਸਾਈਡ ਕੁਝ ਮੰਡੀਆਂ ਵਿੱਚ ਖਰੀਦ ਸ਼ੁਰੂ ਹੋਈ ਹੈ ਪਰ ਜ਼ਿਆਦਾਤਰ ਪੰਜਾਬ ਦੇ ਵਿੱਚ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਦੁਖੀ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੀ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਇਹਨਾਂ ਫਸਲਾਂ ਨੂੰ ਰੁਲਣ ਤੋਂ ਬਚਾਉਣ ਲਈ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।