Mansa News: ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਅੱਜ ਮਾਨਸਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਚਹਿਰੀ ਵਿੱਚ ਧਰਨਾ ਪ੍ਰਦਰਸ਼ਨ ਕਰਦੇ ਹੋਏ ਕਿਸਾਨੀ ਮੰਗਾਂ ਨੂੰ ਲਾਗੂ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਤੇ ਕਿਸਾਨੀ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਕਿਸਾਨ ਨੇਤਾਵਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।


COMMERCIAL BREAK
SCROLL TO CONTINUE READING

26 ਨਵੰਬਰ 2020 ਨੂੰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵੱਲ ਨੂੰ ਰਵਾਨਾ ਹੋਏ ਸਨ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਸਵਾ ਸਾਲ ਦੇ ਕਰੀਬ ਦਿੱਲੀ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਐਲਾਨ ਕਰਵਾਇਆ ਸੀ। ਅੱਜ ਕਿਸਾਨੀ ਅੰਦੋਲਨ ਦੇ ਚੌਥੇ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਚਹਿਰੀ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਰਾਸ਼ਟਰਪਤੀ ਦੇ ਨਾਮ ਖੇਤੀ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਮੰਗ ਪੱਤਰ ਵੀ ਭੇਜਿਆ ਗਿਆ।


ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਅੱਜ ਚੌਥੇ ਵਰ੍ਹੇਗੰਢ ਹੈ ਅਤੇ ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸਿਜਦਾ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੇ ਦੌਰਾਨ ਕਿਸਾਨਾਂ ਨਾਲ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਸ ਵਾਅਦੇ ਨੂੰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ।


ਇਸ ਤੋਂ ਇਲਾਵਾ ਬਿਜਲੀ ਐਕਟ ਨੂੰ ਨਿੱਜੀਕਰਨ ਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਇਹ ਮੰਗਾਂ ਵੀ ਅਜੇ ਤੱਕ ਲਟਕ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਦੌਰਾਨ ਲਖੀਮਪੁਰ ਖੀਰੀ ਦੇ ਵਿੱਚ ਚਾਰ ਕਿਸਾਨ ਅਤੇ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਇਨਸਾਫ ਲੈਣ ਦੇ ਲਈ ਵੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।


ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇਕਰ ਜਲਦ ਹੀ ਇਨ੍ਹਾਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਵੀ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਤੇ ਵੀ ਬੋਲਦੇ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਸਾਨੂੰ ਮਰਨ ਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ ਜਦੋਂ ਕਿ ਸਾਡੇ ਆਪਣੇ ਹੱਕ ਤਾਂ ਸਰਕਾਰ ਨੇ ਕੀ ਦੇਣੇ ਸਨ। ਉਨ੍ਹਾੰ ਨੇ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਵੀ ਕੀਤੀ।