Farmers protest: ਸੰਯੁਕਤ ਕਿਸਾਨ ਮੋਰਚਾ ਦੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਮੀਟਿੰਗ, ਕੀਤੀ ਇਹ ਮੰਗ
Farmers protest: ਸੰਯੁਕਤ ਕਿਸਾਨ ਮੋਰਚਾ ਦੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ। ਐਸਕੇਐਮ ਨੇ ਕੌਮੀ ਖੇਤੀ ਮੰਡੀ ਨੀਤੀ ਦੇ ਫਰੇਮਵਰਕ ਨੂੰ ਰੱਦ ਕਰਨ ਦੀ ਕੀਤੀ ਮੰਗ।
Farmers Protest: ਅੱਜ ਪੰਜਾਬ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਦੀ ਖੇਤੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਖੇਤੀ ਮੰਡੀ ਨੀਤੀ ਸਬੰਧੀ ਖਰੜੇ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਖਰੜੇ ਬਾਰੇ ਪਹਿਲਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਅਤੇ ਬਾਅਦ ਵਿੱਚ ਸਾਰੇ ਕਿਸਾਨ ਆਗੂਆਂ ਨੇ ਆਪੋ ਆਪਣੇ ਵਿਚਾਰ ਰੱਖੇ।
ਇਸ ਖਰੜੇ ਬਾਰੇ ਬੋਲਦਿਆਂ ਸਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕੌਮੀ ਖੇਤੀ ਮੰਡੀ ਨੀਤੀ ਉਹਨਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਚੋਰ ਮੋਰੀ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ ਜਿਹੜੇ ਅਸੀਂ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਰਾਹੀਂ ਰੱਦ ਕਰਵਾਏ ਸਨ। ਇਸ ਲਈ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਨੀਤੀ ਖਰੜੇ ਨੂੰ ਮੁੱਢੋਂ ਰੱਦ ਕਰੇ। ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਕਹਿੰਦੀ ਹੈ ਕਿ ਏਪੀਐਮਸੀ ਘੱਟ ਹਨ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਏਪੀਐਮਸੀ ਨੂੰ ਹੋਰ ਮਜਬੂਤ ਕੀਤਾ ਜਾਵੇ, ਸਰਕਾਰੀ ਖੇਤਰ ਵਿੱਚ ਹੋਰ ਮੰਡੀਆਂ ਖੋਲੀਆਂ ਜਾਣ ਅਤੇ ਇਹਨਾਂ ਮੰਡੀਆਂ ਵਿੱਚ ਸਹੂਲਤਾਂ ਦਾ ਵਾਧਾ ਕੀਤਾ ਜਾਵੇ।
ਇਹ ਵੀ ਪੜ੍ਹੋ: SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ; ਅਹਿਮ ਮੁੱਦੇ ਜਾਣਗੇ ਵਿਚਾਰੇ
ਸਾਈਲੋਜ ਸਰਕਾਰੀ ਖੇਤਰ ਵਿੱਚ ਲਾਉਣ ਅਤੇ ਸਾਈਲੋਜ ਵਿੱਚ ਸਟੋਰ ਕੀਤਾ ਜਾਣ ਵਾਲਾ ਅਨਾਜ ਸਰਕਾਰੀ ਮੰਡੀਆਂ ਰਾਹੀਂ ਖਰੀਦਣ ਦੀ ਮੰਗ ਕੀਤੀ ਗਈ। ਸਾਰੀ ਵਿਚਾਰ ਚਰਚਾ ਸੁਣਨ ਤੋਂ ਬਾਅਦ ਖੇਤੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਸਹਿਮਤੀ ਜ਼ਾਹਿਰ ਕੀਤੀ। ਉਹਨਾਂ ਨੇ ਕਿਹਾ ਕਿ ਉਹ ਇਸ ਖਰੜੇ ਬਾਰੇ ਹੋਰ ਵੀ ਭੁਗਤ ਭੋਗੀਆਂ ਅਤੇ ਵਿਦਵਾਨਾਂ ਨਾਲ ਸਲਾਹ ਮਸ਼ਵਰਾ ਕਰਨਗੇ। ਖੇਤੀ ਮੰਤਰੀ ਨੇ ਦੱਸਿਆ ਕਿ ਉਹਨਾਂ ਦਾ ਪੱਕਾ ਖਿਆਲ ਹੈ ਕਿ ਇਹ ਨੀਤੀ ਲਾਗੂ ਕਰਨ ਨਾਲ ਪੰਜਾਬ ਦੀਆਂ ਮੰਡੀਆਂ ਦਾ ਉਜਾੜਾ ਹੋਵੇਗਾ। ਉਹਨਾਂ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕੌਮੀ ਖੇਤੀ ਮੰਡੀ ਨੀਤੀ ਦਾ ਖਰੜਾ ਰੱਦ ਕਰਵਾਉਣ ਦੀ ਲੜਾਈ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਸਾਰੇ ਦੇਸ਼ ਦੇ ਸੂਬਿਆਂ ਵਿੱਚ ਲੜੀ ਜਾਵੇਗੀ ਅਤੇ ਇਸ ਨੂੰ ਲਾਗੂ ਹੋਣ ਤੋਂ ਰੋਕਣ ਲਈ ਜਬਰਦਸਤ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਸਾਰੀਆਂ ਫਸਲਾਂ ਤੇ ਐਮਐਸਪੀ ਦੇਣ ਦਾ ਵਾਅਦਾ ਪੂਰਾ ਕਰਨ ਅਤੇ ਗੰਨੇ ਨਾਲ ਸੰਬੰਧਿਤ ਮੰਗਾਂ ਵੀ ਉਠਾਈਆਂ, ਜਿਹਨਾਂ ਤੇ ਖੇਤੀ ਮੰਤਰੀ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ, ਡਾਕਟਰ ਦਰਸ਼ਨ ਪਾਲ, ਬਲਵੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਡਾ: ਸਤਨਾਮ ਸਿੰਘ ਅਜਨਾਲਾ, ਜੰਗਵੀਰ ਸਿੰਘ ਚੌਹਾਨ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਰੁਲਦੂ ਸਿੰਘ ਮਾਨਸਾ,ਮੁਕੇਸ਼ ਚੰਦਰ ਸ਼ਰਮਾ,ਜਗਮੋਹਣ ਸਿੰਘ ਪਟਿਆਲਾ, ਮਲੂਕ ਸਿੰਘ ਹੀਰਕੇ, ਨਿਰਭੈ ਸਿੰਘ ਢੁੱਡੀਕੇ, ਬਲਕਰਨ ਸਿੰਘ ਬਰਾੜ, ਨਛੱਤਰ ਸਿੰਘ ਜੈਤੋ, ਰਵਨੀਤ ਸਿੰਘ ਬਰਾੜ, ਬਲਵਿੰਦਰ ਸਿੰਘ ਰਾਜੂ, ਸੁੱਖ ਗਿੱਲ ਮੋਗਾ, ਬੂਟਾ ਸਿੰਘ ਸ਼ਾਦੀਪੁਰ, ਕੁਲਦੀਪ ਸਿੰਘ ਬਜੀਦਪੁਰ, ਅੰਗਰੇਜ਼ ਸਿੰਘ ਭਦੌੜ, ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਗੁਰਮੀਤ ਸਿੰਘ ਭੱਟੀਵਾਲ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।