Fatehgarh News(ਜਗਮੀਤ ਸਿੰਘ): ਫਤਿਹਗੜ੍ਹ ਸਾਹਿਬ ਵਿਖੇ ਮੰਗਾਂ ਨੂੰ ਲੈਕੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਅਤੇ 15 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਕੈਬਨਟ ਮੰਤਰੀਆਂ ਦਾ ਵਿਰੋਧ ਕਰਨ ਦਾ ਐਲਾਨ ਵੀ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਜ਼ਿਲਾ ਪ੍ਰਧਾਨ ਸਿਮਰਨਜੀਤ ਕੌਰ ਦਾ ਕਹਿਣਾ ਸੀ ਕਿ ਸੂਬੇ ਵਿੱਚ 2500 ਸੀ ਐੱਚ ਓ ਪਿੰਡਾਂ ਵਿੱਚ ਚੱਲਦੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਜ਼ਮੀਨੀ ਪੱਧਰ ਤੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹਨ। ਉਹ ਆਪਣੀਆਂ ਮੁਸ਼ਕਿਲਾਂ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਰ ਬਾਰ ਜਾਣੂ ਕਰਵਾ ਚੁੱਕੇ ਹਨ ਪਰੰਤੂ ਕਿਸੇ ਵੱਲੋਂ ਵੀ ਉਹਨਾਂ ਦੀ ਸਾਰ ਨਹੀਂ ਲਈ ਗਈ। ਉਹਨਾਂ ਨੂੰ ਇਸ ਸਰਕਾਰ ਤੋਂ ਬਹੁਤ ਉਮੀਦਾਂ ਸਨ ਜੋ ਹੁਣ ਖ਼ਤਮ ਹੋ ਗਈਆਂ ਹਨ  ਉਹ ਲਗਾਤਾਰ 2 ਸਾਲਾਂ ਤੋਂ ਸਰਕਾਰ ਦੇ ਮੰਤਰੀਆਂ ਅਤੇ ਆਹੁਦੇਦਾਰਾਂ ਨੂੰ ਮੰਗ ਪੱਤਰ ਦੇ ਰਹੇ ਹਨ।


ਪਿਛਲੇ 1 ਹਫ਼ਤੇ ਵਿੱਚ ਆਗੂਆਂ ਵੱਲੋਂ ਸਰਕਾਰ ਦੇ ਮੰਤਰੀਆਂ ਅਤੇ ਬਹੁਤ ਸਾਰੇ ਵਿਧਾਇਕਾਂ ਨਾਲ਼ ਮੁਲਾਕਾਤ ਕੀਤੀਆਂ ਅਤੇ ਮੰਗ ਪੱਤਰ ਦਿੱਤੇ ਗਏ ਪਰੰਤੂ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪਿਛਲੇ ਮਹੀਨੇ ਮੁੱਖਮੰਤਰੀ ਮਾਨ ਵਲੋਂ ਉਹਨਾਂ ਨੂੰ 16 ਜੁਲਾਈ ਦੀ ਮੀਟਿੰਗ ਦਿੱਤੀ ਗਈ ਸੀ ਪਰੰਤੂ ਮੀਟਿੰਗ ਤੋਂ ਇਕ ਦਿਨ ਪਹਿਲਾਂ ਕੈਂਸਲ ਕਰ ਦਿੱਤੀ ਗਈ। ਸਾਰੇ ਮੁਲਾਜ਼ਮਾਂ ਵਿੱਚ ਸਰਕਾਰ ਦੇ ਇਸ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਪ੍ਰਤੀ ਭਾਰੀ ਰੋਸ ਹੈ।


ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦਿੰਦੇ ਹਨ ਪਰੰਤੂ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਦਵਾਈਆਂ, ਸ਼ੂਗਰ ਚੈੱਕ ਕਰਨ ਦੀਆਂ ਸਟ੍ਰਿਪਾਂ, ਆਨਲਾਈਨ ਕੰਮ ਕਰਨ ਲਈ ਇੰਟਰਨੈੱਟ ਵਗੈਰਾ ਨਹੀਂ ਦਿੱਤਾ ਜਾਂਦਾ। ਉਹਨਾਂ ਉੱਤੇ ਆਪਣੇ ਟਾਰਗੇਟ ਪੂਰੇ ਕਰਨ ਲਈ ਦਬਾਅ ਪਾਇਆ ਜਾਂਦਾ ਹੈ। ਇਸ ਲਈ ਉਹ ਮਜ਼ਬੂਰ ਹੋਕੇ ਆਪਣੀ ਜੇਬ ਵਿੱਚੋਂ ਖ਼ਰਚਾ ਕਰਕੇ ਉਹ ਲੋਕਾਂ ਨੂੰ ਸਿਹਤ ਸਹੂਲਤਾਂ ਦੇਂਦੇ ਹਨ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 15 ਅਗਸਤ ਨੂੰ ਮੰਤਰੀਆਂ ਦਾ ਘਿਰਾਓ ਕਰਨਗੇ।