Punjab News(ਨਕੁਲ ਅਰੋੜਾ): ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।


COMMERCIAL BREAK
SCROLL TO CONTINUE READING

ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ, ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਿਲ ਹਨ।


ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ, ਜੋ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਪ੍ਰਤੀ ਇਸ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।


ਵਿੱਤ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ ਹੁਣ ਤੱਕ ਹੋਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 160 ਉਮੀਦਵਾਰ ਆਬਕਾਰੀ ਅਤੇ ਕਰ ਇੰਸਪੈਕਟਰ, 142 ਕਲਰਕ, 39 ਕਲਰਕ (ਲੀਗਲ), 25 ਕਲਰਕ (ਅਕਾਊਂਟ), 5 ਕਲਰਕ (ਆਈ.ਟੀ.), 56 ਸਟੈਨੋਟਾਈਪਿਸਟ ਅਤੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ ਵਜੋਂ ਚੁਣੇ ਗਏ ਹਨ।


ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਸੁਪਨੇ ਨੂੰ ਸਾਕਾਰ ਕਰਨਗੀਆਂ ਸਗੋਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾ ਕਿਹਾ ਕਿ ਇਹ ਪੇਸ਼ੇਵਰ ਨੌਜਵਾਨ ਸੂਬੇ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।


ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਆਬਕਾਰੀ ਤੇ ਕਰ (ਪ੍ਰਸ਼ਾਸਨ) ਦੀ ਵਧੀਕ ਕਮਿਸ਼ਨਰ ਜੀਵਨਜੋਤ ਕੌਰ ਵੀ ਹਾਜ਼ਰ ਸਨ।