Batala Firing: ਪਿੰਡ ਸ਼ਾਹਪੁਰ ਜਾਜਨ ਦੇ ਗੈਸ ਏਜੰਸੀ ਦੇ ਮਾਲਕ ਦੇ ਘਰ ਉਪਰ ਫਾਇਰਿੰਗ ਮਗਰੋਂ ਦਹਿਸ਼ਤ ਦਾ ਮਾਹੌਲ ਬਣ ਗਿਆ।
Trending Photos
Batala Firing (ਨੀਤੀਨ ਲੂਥਰਾ): ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਸ਼ਾਹਪੁਰ ਜਾਜਨ ਦੇ ਗੈਸ ਏਜੰਸੀ ਦੇ ਮਾਲਕ ਕੋਲੋਂ ਬੀਤੀ 8 ਸਤੰਬਰ ਦੀ ਰਾਤ ਨੂੰ ਹੈਰੀ ਚੱਠਾ ਨਾਮਕ ਵਿਅਕਤੀ ਵੱਲੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਜਿਸ ਦੇ ਚੱਲਦਿਆਂ ਕੱਲ੍ਹ ਏਜੰਸੀ ਦੇ ਮਾਲਕ ਜਸਪਾਲ ਸਿੰਘ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ ਸੀ। ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਸੀ ਪਰ ਉੱਥੇ ਹੀ ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਏਜੰਸੀ ਦੇ ਮਾਲਕ ਦੇ ਘਰ ਉਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਦੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਜੰਸੀ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ 8 ਸਤੰਬਰ ਦੀ ਰਾਤ ਨੂੰ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਤੋਂ ਕਾਲ ਰਾਹੀਂ ਹੈਰੀ ਚੱਠਾ ਨਾਮਕ ਵਿਅਕਤੀ ਵੱਲੋਂ ਇਕ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਤੇ ਫਿਰੌਤੀ ਨਾਂ ਦੀ ਸੂਰਤ ਵਿੱਚ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਤਾਂ ਉਸ ਵੱਲੋਂ ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਲਿਖਤੀ ਦਰਖਾਸਤ ਦਿੱਤੀ ਗਈ ਪਰ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਸਨ ਲੰਘੀ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ 11 ਵਜੇ ਉਸ ਦੇ ਘਰ ਦੇ ਮੇਨ ਗੇਟ ਦੇ ਉੱਪਰ ਕਰੀਬ ਛੇ ਰਾਊਂਡ ਫਾਇਰ ਕਰਕੇ ਗੇਟ ਨੂੰ ਛਲਣੀ ਕਰ ਦਿੱਤਾ।
ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਤੁਰੰਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ। ਘਟਨਾ ਸਥਾਨ ਉਤੇ ਡੀਐਸਪੀ ਡੇਰਾ ਬਾਬਾ ਨਾਨਕ ਸਮੇਤ ਪੁਲਿਸ ਪਾਰਟੀ ਵੱਲੋਂ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਛੇ ਚੱਲੇ ਹੋਏ ਖੋਲ ਅਤੇ ਇੱਕ ਰੌਂਦ ਬਰਾਮਦ ਕੀਤਾ ਗਿਆ।
ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿੱਚ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਮੁਲਜ਼ਮ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਕਤ ਮੁਲਜ਼ਮ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।