Dirba News(KIRTIPAL KUMAR): ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਸ਼ਰਾਬ ਪੀਣ ਦੇ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ।


COMMERCIAL BREAK
SCROLL TO CONTINUE READING

ਹਾਈ ਪਾਵਰ ਜਾਂਚ ਕਮੇਟੀ ਦਾ ਗਠਨ


ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦਕਿ ਡੀ.ਐਸ.ਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈ.ਟੀ.ਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਗਾਇਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਐਕਸਾਈਜ਼ ਵਿਭਾਗ, ਪੁਲਿਸ ਤੇ ਸਿਵਲ ਪ੍ਰਸ਼ਾਸਨ ’ਤੇ ਅਧਾਰਿਤ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇੇਗੀ।


ਇਲਾਕੇ ਵਿੱਚ ਸਰਵੇਖਣ ਸ਼ੁਰੂ ਕੀਤਾ


ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ 4 ਵਿਅਕਤੀਆਂ ਦੀ ਹੋਈ ਗੈਰ ਕੁਦਰਤੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਪਿੰਡ ਗੁੱਜਰਾਂ ਵਿਖੇ ਘਰ ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਘਰ ਵਿੱਚ ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਕੋਈ ਲੱਛਣ ਸਾਹਮਣੇ ਆਉਣ ’ਤੇ ਫੌਰੀ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਦੱਸਿਆ ਕਿ ਸਰਵੇਖਣ ਕਰ ਰਹੀਆਂ ਇਨ੍ਹਾਂ ਟੀਮਾਂ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ।


ਦੋਸ਼ੀਆਂ ਵਿਰੁੱਧ ਮਾਮਲਾ ਦਰਜ


ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਸਬੰਧਤ ਪਿੰਡ ਵਿੱਚ ਪਹੁੰਚੀ ਅਤੇ ਕਥਿਤ ਦੋਸ਼ੀਆਂ ਵਿਰੁੱਧ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਪਹਿਲਾਂ ਸੁਖਵਿੰਦਰ ਸਿੰਘ ਸੁੱਖੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਮਨਪ੍ਰੀਤ ਸਿੰਘ ਮਨੀ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਪਿੰਡ ਗੁੱਜਰਾਂ ਦੇ ਹੀ ਵਸਨੀਕ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।