ਸਾਬਕਾ ਮੰਤਰੀ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਪਹੁੰਚੇ ਹਾਈਕੋਰਟ, 2000 ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼
ਆਸ਼ੂ ਨੇ ਹਾਈਕੋਰਟ `ਚ ਦਾਇਰ ਪਟੀਸ਼ਨ `ਚ ਕਿਹਾ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਜਾਵੇ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਆਸ਼ੂ 'ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 'ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ। ਆਸ਼ੂ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਆਸ਼ੂ ਨੇ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਜਾਵੇ। ਪੰਜਾਬ ਦੀ 'ਆਪ' ਸਰਕਾਰ ਨੂੰ ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਕਾਰਵਾਈ ਨਹੀਂ ਕਰਨੀ ਚਾਹੀਦੀ। ਜਲਦ ਹੀ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਆਸ਼ੂ 'ਤੇ 2,000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ, ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਾਲੀਆਂ ਕਮੇਟੀਆਂ ਵੱਲੋਂ ਅਲਾਟ ਕੀਤਾ ਜਾਂਦਾ ਹੈ। ਉਸ 'ਤੇ ਸਾਜ਼ਿਸ਼ ਤਹਿਤ ਦੋਸ਼ ਲਾਏ ਜਾ ਰਹੇ ਹਨ।
ਆਸ਼ੂ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ, ਉਸ ਦਾ ਕਹਿਣਾ ਹੈ ਕਿ ਇਸ ਟੈਂਡਰ ਨੂੰ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰ ਦੀ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਲਈ ਉਨ੍ਹਾਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਉਨ੍ਹਾਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।