ਸਰਕਾਰੀ ਨੌਕਰੀ ਹਰ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ: ਫੌਜਾ ਸਿੰਘ ਸਰਾਰੀ
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਲੁਧਿਆਣਾ ’ਚ ਸਥਿਤ ਖੇਤੀਬਾੜੀ ਯੂਨੀਵਰਸਿਟੀ ਦੇ ਫ਼ੂਡ ਟੈਕਨਾਲੋਜੀ ਵਿਭਾਗ ਦਾ ਦੌਰਾ ਕਰਨ ਪਹੁੰਚੇ।
ਚੰਡੀਗੜ੍ਹ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਲੁਧਿਆਣਾ ’ਚ ਸਥਿਤ ਖੇਤੀਬਾੜੀ ਯੂਨੀਵਰਸਿਟੀ ਦੇ ਫ਼ੂਡ ਟੈਕਨਾਲੋਜੀ ਵਿਭਾਗ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਮੁਹਿੰਮ ’ਚ ਫ਼ੂਡ ਪ੍ਰੋਸੈਸਿੰਗ ਦਾ ਕਾਰੋਬਾਰ ਅਹਿਮ ਯੋਗਦਾਨ ਪਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਜੇਕਰ ਹਰ ਕਿਸੇ ਨੂੰ ਸਰਕਾਰੀ ਨੌਕਰੀ ਦੇ ਦਿੱਤੀ ਤਾਂ ਪ੍ਰਾਈਵੇਟ ਕਾਰੋਬਾਰ ਕੌਣ ਕਰੇਗਾ। ਸੋ, ਸਾਰਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ।
ਪਿਛਲੀਆਂ ਸਰਕਾਰਾਂ ਦਾ ਖਮਿਆਜ਼ਾ ਭੁਗਤ ਰਹੀ 'ਆਪ': ਫੌਜਾ ਸਿੰਘ ਸਰਾਰੀ
ਇਸ ਮੌਕੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੀਏਯੂ ’ਚ ਧਰਨੇ ’ਤੇ ਬੈਠੇ ਵਿਦਿਆਰਥੀਆਂ ਬਾਰੇ ਬੋਲਦਿਆਂ ਕਿਹਾ ਕਿ ਹਰ ਕਿਸੇ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ। ਸਰਕਾਰੀ ਨੌਕਰੀ ਨਿਰਧਾਰਤ ਮਾਪਦੰਡਾਂ ਨੂੰ ਪਾਸ ਕਰਨ ਵਾਲੇ ਯੋਗ ਉਮੀਦਵਾਰਾਂ ਨੂੰ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਇਸ ਮੌਕੇ ਪਿਛਲੀਆਂ ਸਰਕਾਰਾਂ ’ਤੇ ਭਾਂਡਾ ਭੰਨਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਭੁਗਤਣਾ ਪੈ ਰਿਹਾ ਹੈ।
ਸਾਨੂੰ ਸਾਰਿਆਂ ਨੂੰ ਤਿਰੰਗੇ ਦਾ ਸਤਿਕਾਰ ਕਰਨਾ ਚਾਹੀਦਾ ਹੈ: ਫੌਜਾ ਸਿੰਘ ਸਰਾਰੀ
ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ MP ਸਿਮਰਨਜੀਤ ਸਿੰਘ ਮਾਨ ਵਲੋਂ ਆਜ਼ਾਦੀ ਦਿਹਾੜੇ ’ਤੇ ਕੇਸਰੀ ਝੰਡਾ ਲਹਿਰਾਉਣ ਸਬੰਧੀ ਦਿੱਤੇ ਗਏ ਸੱਦੇ ’ਤੇ ਉਨ੍ਹਾਂ ਕਿਹਾ ਕਿ ਤਿਰੰਗਾ ਦੇਸ਼ ਦੀ ਆਜ਼ਾਦੀ ਤੇ ਏਕਤਾ ਦਾ ਪ੍ਰਤੀਕ ਹੈ। ਭਾਰਤ ’ਚ ਕਈ ਧਰਮਾਂ ਦੇ ਲੋਕ ਹਨ ਤੇ ਹਰ ਧਰਮ ਦਾ ਆਪਣਾ ਚਿੰਨ੍ਹ ਹੈ, ਪਰ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਸੋ, ਤਿਰੰਗੇ ਦਾ ਸਨਮਾਨ ਕਰਨਾ ਸਾਡਾ ਧਰਮ ਹੈ।