Amritsar News: ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ-ਡੀਸੀ
Amritsar News: ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਜੋ ਪਰਿਵਾਰ ਸਰਕਾਰੀ ਨੌਕਰੀ ਤੋਂ ਵਾਂਝੇ ਰਹਿ ਗਏ ਸਨ, ਨੂੰ ਵੀ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।
Amritsar News: ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਜਾਇਜ਼ ਮੰਗਾਂ ਲਈ ਹਮੇਸ਼ਾਂ ਤੋਂ ਹੀ ਯਤਨਸ਼ੀਲ ਰਿਹਾ ਹੈ ਤੇ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਜੋ ਪਰਿਵਾਰ ਸਰਕਾਰੀ ਨੌਕਰੀ ਤੋਂ ਵਾਂਝੇ ਰਹਿ ਗਏ ਸਨ, ਨੂੰ ਵੀ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਇਸ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਸਬੰਧੀ ਜਾਣੂੰ ਕਰਵਾਇਆ ਗਿਆ ਜਿਸ ਉਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਕਿਸਾਨ ਸੰਘਰਸ਼ ਮਜਦੂਰ ਕਮੇਟੀ ਵੱਲੋਂ ਮੁੱਖ ਤੌਰ ਉਤੇ ਨੈਸ਼ਨਲ ਹਾਈਵੇ ਨਾਲ ਸਬੰਧਤ ਮੰਗਾਂ ਦਾ ਜ਼ਿਕਰ ਕੀਤਾ ਗਿਆ ਜਿਸ ਉਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਨਾਲ ਮਿਲ ਕੇ ਪਿੰਡ ਪੱਧਰ ਉਤੇ ਕੈਂਪ ਲਗਾ ਕੇ ਤੁਹਾਡੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਤੇ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦੇਵਾਂਗੇ।
ਕਿਸਾਨਾਂ ਵੱਲੋਂ ਡੀਏਪੀ ਖਾਦ ਦੀ ਕਮੀ, ਸੰਦਾਂ ਦੀ ਘਾਟ, ਬਾਰੇ ਵੀ ਦੱਸਿਆ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਨੈ ਕਿਹਾ ਕਿ ਹਰੇਕ ਸਹਿਕਾਰੀ ਸੁਸਾਇਟੀ ਨੂੰ ਆਪਣੇ ਸਟਾਕ ਦਾ ਡਿਸਪਲੇ ਬੋਰਡ ਲਗਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਤੇ ਡੀਏਪੀ ਖਾਦ ਕਮੀ ਲਈ ਸਰਕਾਰ ਨਾਲ ਪਹਿਲਾਂ ਹੀ ਗੱਲਬਾਤ ਚੱਲ ਰਹੀ ਹੈ।
ਕਿਸਾਨਾਂ ਵੱਲੋਂ ਤਹਿਸੀਲਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਸਬੰਧੀ ਜਦੋਂ ਗੱਲ ਕੀਤੀ ਗਈ ਤਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਡਲ ਸਬ ਰਜਿਸਟਰਾਰ ਦਫਤਰ ਜ਼ਿਲ੍ਹਾ ਪੱਧਰ ਉਤੇ ਬਣਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ ਜਿਥੇ ਸਰਕਾਰੀ ਰੇਟਾਂ ਤੇ ਵਸੀਕਾ ਨਵੀਸ ਕੰਮ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਸਖਤ ਹਦਾਇਤਾਂ ਹਨ ਕਿ ਪਰਾਲੀ ਦੀ ਅੱਗ ਨੂੰ ਹਰ ਕਿਸਮ ਤੇ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਵਾਤਾਵਰਣ ਨੂੰ ਬਚਾ ਸਕਦੇ ਹਾਂ। ਕਿਸਾਨਾਂ ਵੱਲੋਂ ਪਿੰਡ ਪੱਧਰ ਤੱਕ ਫੈਲੇ ਨਸ਼ੇ ਨੂੰ ਲੈ ਕੇ ਕਿਹਾ ਗਿਆ ਕਿ ਸਾਡਾ ਨੌਜਵਾਨ ਵਰਗ ਨਸ਼ੇ ਦੀ ਦਲਦਲ ਵਿੱਚ ਲਗਾਤਾਰ ਫਸਦਾ ਜਾ ਰਿਹਾ ਹੈ ਜਿਸ ਤੇ ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸਾਸ਼ਨ ਨਸ਼ੇ ਦੀ ਸਮਗਲਿੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰ ਰਿਹਾ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਸਾਨਾਂ ਕੋਲੋਂ ਵੀ ਸਹਿਯੋਗ ਮੰਗਦਿਆਂ ਕਿਹਾ ਕਿ ਜੇਕਰ ਤੁਹਾਡੇ ਆਲੇ ਦੁਆਲੇ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਨਿੱਜੀ ਤੌਰ ਉਤੇ ਦਿਓ, ਉਸ ਵਿਰੁੱਧ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੀਟਿੰਗ ਵਿੱਚ ਐਸਡੀਐਮ ਲਾਲ ਵਿਸ਼ਵਾਸ਼, ਜ਼ਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਕਿਰਨਦੀਪ ਕੌਰ, ਮੁੱਖ ਖੇਤੀਬਾੜੀ ਅਫਸਰ ਤਜਿੰਦਰ ਸਿੰਘ ਹੁੰਦਲ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ, ਬਾਜ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।