Punjab News: ਗੁਰਮੀਤ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਕਰਨ ਵਾਲੇ ਖੇਤੀਬਾੜੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ
Punjab News: ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਮਾੜੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਮੁਤਾਬਕ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸਏਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਿਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।
ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇਏਪੀ ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫ਼ਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਤੇ 134 ਸੈਂਪਲ ਲਏ। ਇਨ੍ਹਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿੱਚ ਇੱਕ ਐਫਆਈਆਰ ਦਰਜ ਕਰਵਾਈ ਗਈ ਹੈ।
ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ ਉਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Truck Bus Drivers Protest Update: ਪੈਟਰੋਲ ਪੰਪਾਂ ਤੇ ਕਈ ਜ਼ਿਲ੍ਹਿਆਂ 'ਚ ਮਿਲੀ ਰਾਹਤ, ਕਈ ਥਾਂਈ ਹਾਲੇ ਵੀ ਲੰਬੀ ਕਤਾਰ 'ਚ ਲੋਕ