Guru Nanak Jayanti 2022: ਸਿੱਖ ਧਰਮ ਦੇ ਸੰਸਥਾਪਕ (Founder of Sikhism) ਗੁਰੂ ਨਾਨਕ ਦੇਵ ਜੀ ਦਾ ਜਨਮ ਸੰਨ 1469 ’ਚ ਕੱਤਕ ਦੀ ਪੁੰਨਿਆ ਦੇ ਦਿਨ ਹੋਇਆ ਸੀ। ਜਿਸ ਨੂੰ ਦੁਨੀਆਂ ’ਚ ਵਸਦੇ ਸਿੱਖ ਪ੍ਰਕਾਸ਼ ਉਤਸਵ ਜਾਂ ਗੁਰਪੁਰਬ (Gurpurab) ਦੇ ਰੂਪ ’ਚ ਮਨਾਉਂਦੇ ਹਨ, ਇਸ ਵਾਰ 8 ਨਵੰਬਰ ਯਾਨਿ ਅੱਜ ਨੂੰ ਉਨ੍ਹਾਂ ਦੀ 553ਵੀਂ ਜਯੰਤੀ (553rd birth anniversary) ਮਨਾਈ ਜਾ ਰਹੀ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਨਾਲ-ਨਾਲ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਨਗਰ ਕੀਰਤਨ ਕੱਢਿਆ ਗਿਆ। ਇਸ ਦੇ ਨਾਲ ਹੀ ਨਨਕਾਣਾ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। 


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ (Gurpurab) ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।  ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।



ਇੰਨਾ ਹੀ ਨਹੀਂ ਦੁਨੀਆ ਭਰ ਤੋਂ ਸ਼ਰਧਾਲੂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਠਹਿਰਣ, ਖਾਣ-ਪੀਣ ਅਤੇ ਦਰਸ਼ਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਹ ਪਹਿਲੀ ਵਾਰ ਹੈ ਕਿ ਇਸ ਵਾਰ ਭਾਰਤ ਤੋਂ ਗਏ ਸ਼ਰਧਾਲੂਆਂ ਨੂੰ ਬੱਸ ਰਾਹੀਂ ਨਹੀਂ, ਸਗੋਂ ਰੇਲ ਰਾਹੀਂ ਨਨਕਾਣਾ ਸਾਹਿਬ ਪਹੁੰਚਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ।


ਇਹ ਵੀ ਪੜ੍ਹੋ: ਭਲਕੇ ਮਨਾਈ ਜਾਵੇਗੀ ਗੁਰੂ ਨਾਨਕ ਜਯੰਤੀ ਅਤੇ ਕੱਤਕ ਪੁੰਨਿਆ, ਜਾਣੋ ਇਸ ਦਿਨ ਦੀ ਮਹੱਤਤਾ


ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਸਾਲ ਪਾਕਿਸਤਾਨ ਨੇ ਲਗਭਗ 3,000 ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਹੈ। ਇਸ ਦੇ ਨਾਲ ਹੀ ਦੂਜੇ ਦੇਸ਼ਾਂ ਤੋਂ ਵੀ 5 ਤੋਂ 8 ਹਜ਼ਾਰ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚ ਰਹੇ ਹਨ। ਇਸ ਸਾਲ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।