Kisan Protest: ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ ਲਈ ਕਿਹਾ ਹੈ ਅਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪੁਲਿਸ ਨੇ ਕਿਸਾਨਾਂ ਨੂੰ ਕਿਹਾ ਹੈ ਜੇਕਰ ਉਹ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਹਨ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਸਮੇਤ ਹੋਰ ਮੰਗਾਂ ਲਈ ਦਬਾਅ ਪਾਉਣ ਲਈ 13 ਫਰਵਰੀ ਨੂੰ 'ਦਿੱਲੀ ਚਲੋ' ਅੰਦੋਲਨ ਵਿੱਚ ਹਿੱਸਾ ਲੈਣ ਲਈ ਤਿਆਰ ਕਿਸਾਨ ਸੰਗਠਨਾਂ ਨੂੰ ਨੋਟਿਸ ਵਿੱਚ ਇਹ ਚਿਤਾਵਨੀ ਦਿੱਤੀ ਗਈ ਹੈ।


ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਕਿਸਾਨ ਸੰਗਠਨ ਨੇ ਪ੍ਰਦਰਸ਼ਨ ਲਈ ਕਿਸੇ ਤੋਂ ਇਜਾਜ਼ਤ ਨਹੀਂ ਮੰਗੀ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕਿਸਾਨ ਆਪਣੀਆਂ ਮੰਗਾਂ ਮੰਨਣ ਲਈ ਕੇਂਦਰ 'ਤੇ ਦਬਾਅ ਪਾਉਣ ਲਈ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ।


ਰੰਧਾਵਾ ਨੇ ਅੱਗੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਿਨ੍ਹਾਂ ਇਜ਼ਾਜ਼ਤ ਦੇ ਧਰਨੇ ਵਿੱਚ ਸ਼ਾਮਲ ਹੁੰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਜੇਕਰ ਅੰਦੋਲਨਕਾਰੀ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦੇ ਹਨ ਤਾਂ ਉਨ੍ਹਾਂ ਵਿਰੁੱਧ ਜਨਤਕ ਜਾਇਦਾਦ ਨੂੰ ਨੁਕਸਾਨ ਰੋਕੂ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਜਾਇਦਾਦ ਕੁਰਕ ਕਰਕੇ ਅਤੇ ਪ੍ਰਦਰਸ਼ਨਕਾਰੀਆਂ ਦੇ ਬੈਂਕ ਖਾਤੇ ਜ਼ਬਤ ਕਰਕੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿਸਾਨ ਆਪਣੇ ਵਾਹਨ ਕਿਸੇ ਨੂੰ ਕਿਰਾਏ 'ਤੇ ਨਾ ਦੇਣ ਨਹੀਂ  ਇਨ੍ਹਾਂ ਨੂੰ ਜ਼ਬਤ ਕਰ ਲਿਆ ਜਾਵੇਗਾ ਅਤੇ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ।


ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਅੰਬਾਲਾ ਦੇ ਸ਼ੰਭੂ ਬਾਰਡਰ 'ਤੇ ਪਹਿਲਾਂ ਹੀ ਕੰਕਰੀਟ ਦੇ ਬਲਾਕ, ਕੰਡਿਆਲੀ ਤਾਰ, ਰੇਤ ਦੇ ਬੋਰੇ, ਬੈਰੀਕੇਡ ਅਤੇ ਹੋਰ ਚੀਜ਼ਾਂ ਦਾ ਪ੍ਰਬੰਧ ਕਰ ਲਿਆ ਹੈ। ਕਿਸਾਨਾਂ ਨੇ ਅੰਬਾਲਾ-ਸ਼ੰਭੂ ਸਰਹੱਦ, ਖਨੌਰੀ-ਜੀਂਦ ਅਤੇ ਡੱਬਵਾਲੀ ਸਰਹੱਦ ਤੋਂ ਦਿੱਲੀ ਜਾਣ ਦੀ ਯੋਜਨਾ ਬਣਾਈ ਹੈ। ਅੰਬਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਹਰਿਆਣਾ-ਪੰਜਾਬ ਸਰਹੱਦ ਨੇੜੇ ਸ਼ੰਭੂ ਟੋਲ ਪਲਾਜ਼ਾ ’ਤੇ ਕਿਸਾਨਾਂ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।