Haryana Police: ਹਰਿਆਣਾ ਪੁਲਿਸ ਨੇ ਮੀਡੀਆ ਕਰਮੀਆਂ ਦੀ ਸੁਰੱਖਿਆ ਮੱਦੇਨਜ਼ਰ ਲਿਖਿਆ ਪੱਤਰ
Haryana Police: ਅੰਬਾਲਾ `ਚ ਹਰਿਆਣਾ-ਪੰਜਾਬ ਸ਼ੰਭੂ ਸਰਹੱਦ `ਤੇ ਖੜ੍ਹੇ ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ।
Haryana Police: ਅੰਬਾਲਾ 'ਚ ਹਰਿਆਣਾ-ਪੰਜਾਬ ਸ਼ੰਭੂ ਸਰਹੱਦ 'ਤੇ ਖੜ੍ਹੇ ਕਿਸਾਨਾਂ ਨੇ ਇਕ ਵਾਰ ਫਿਰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਜਦੋਂ ਕਿਸਾਨਾਂ ਦਾ ਜੱਥਾ ਦਿੱਲੀ ਵੱਲ ਵਧਿਆ ਤਾਂ ਸਰਹੱਦ 'ਤੇ ਤਾਇਨਾਤ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਟਕਰਾਅ ਦੀ ਇਸ ਸਥਿਤੀ ਵਿੱਚ 6 ਤੋਂ 7 ਕਿਸਾਨ ਜ਼ਖ਼ਮੀ ਵੀ ਹੋ ਗਏ। ਇਸ ਤੋਂ ਬਾਅਦ ਕਿਸਾਨਾਂ ਨੇ ਪਿੱਛੇ ਹਟਣ ਦਾ ਫੈਸਲਾ ਕੀਤਾ।
ਫਿਲਹਾਲ ਇਸ ਸੰਦਰਭ 'ਚ ਹਰਿਆਣਾ ਪੁਲਿਸ ਨੇ ਹੁਣ ਮੀਡੀਆ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਇਕ ਪੱਤਰ ਜਾਰੀ ਕੀਤਾ ਹੈ। ਇਹ ਪੱਤਰ ਪੰਜਾਬ ਦੇ ਡੀਜੀਪੀ ਨੂੰ ਲਿਖਿਆ ਗਿਆ ਹੈ। ਹਰਿਆਣਾ ਪੁਲਿਸ ਨੇ ਮੀਡੀਆ ਕਰਮੀਆਂ ਨੂੰ ਸ਼ੰਭੂ ਬਾਰਡਰ ਜਾਂ ਕਿਸੇ ਹੋਰ ਸਥਾਨ 'ਤੇ ਭੀੜ ਦੇ ਨੇੜੇ ਨਾ ਆਉਣ ਦੀ ਅਪੀਲ ਕੀਤੀ ਹੈ, ਜਿੱਥੇ ਕਾਨੂੰਨ ਵਿਵਸਥਾ ਨਾਲ ਸਬੰਧਤ ਡਿਊਟੀਆਂ ਚੱਲ ਰਹੀਆਂ ਹਨ।
ਉਨ੍ਹਾਂ ਨੂੰ ਉਥੋਂ ਸਹੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਹਰਿਆਣਾ ਪੁਲਿਸ ਨੇ ਡੀਜੀਪੀ ਪੰਜਾਬ ਨੂੰ ਪੰਜਾਬ ਦੀ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੀ ਦੂਰੀ 'ਤੇ ਪੱਤਰਕਾਰਾਂ ਨੂੰ ਰੋਕਣ ਦੀ ਬੇਨਤੀ ਕੀਤੀ ਹੈ।
ਹਰਿਆਣਾ ਪੁਲਿਸ ਨੇ ਪੰਜਾਬ ਦੇ ਡੀਜੀਪੀ ਨੂੰ ਲਿਖੇ ਆਪਣੇ ਪੱਤਰ ਵਿੱਚ ਲਿਖਿਆ ਹੈ, “ਇਹ ਤੁਹਾਡੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ 06.12.2024 ਨੂੰ ਜਦੋਂ ਕਿਸਾਨਾਂ ਦਾ ਜੱਥਾ ਹਰਿਆਣਾ ਦੀ ਸਰਹੱਦ ਵੱਲ ਵਧਿਆ ਤਾਂ ਇਸ ਦਫ਼ਤਰ ਵੱਲੋਂ ਭੇਜੇ ਗਏ ਪੱਤਰ ਰਾਹੀਂ ਮੀਡੀਆ ਕਰਮੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਪ੍ਰਦਰਸ਼ਨ ਵਾਲੀ ਥਾਂ ਦੇ ਨੇੜੇ ਨਾ ਆਉਣ ਦੇਣ ਦੀ ਅਪੀਲ ਦੇ ਬਾਵਜੂਦ ਕਈ ਮੀਡੀਆ ਕਰਮੀ ਵੀ ਉਨ੍ਹਾਂ ਦੇ ਨਾਲ ਸਨ।
ਇਸ ਕਾਰਨ ਹਰਿਆਣਾ ਪੁਲਿਸ ਨੂੰ ਸਰਹੱਦ ਉਤੇ ਪੁਲਿਸ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੰਭਾਲਣ ਵਿੱਚ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਇਸ ਲਈ, ਤੁਹਾਨੂੰ ਦੁਬਾਰਾ ਬੇਨਤੀ ਕੀਤੀ ਜਾਂਦੀ ਹੈ ਕਿ ਸਾਰੇ ਸਬੰਧਤ ਵਿਅਕਤੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਜਾਣ ਕਿ ਮੀਡੀਆ ਵਾਲਿਆਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਾਜ਼ੋ-ਸਾਮਾਨ ਦੇ ਹਿੱਤ ਵਿੱਚ ਮੀਡੀਆ ਵਾਲਿਆਂ ਨੂੰ ਸੁਰੱਖਿਅਤ ਦੂਰੀ (ਘੱਟੋ-ਘੱਟ 1 ਕਿਲੋਮੀਟਰ) 'ਤੇ ਰੱਖਿਆ ਜਾਵੇ। ਕਾਬਿਲੇਗੌਰ ਹੈ ਕਿ ਕਿਸਾਨਾਂ ਨੇ 8 ਦਸੰਬਰ ਨੂੰ ਮੁੜ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ।