Kotkpura News: ਨਕਲੀ ਦੇਸੀ ਘਿਓ ਤਿਆਰ ਕਰਨ ਵਾਲੀ ਫੈਕਟਰੀ ਦਾ ਪਰਦਾਫਾਸ਼
Kotkpura News: ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਿਲਾਵਟੀ ਸਾਮਾਨ ਦੀ ਵਿਕਰੀ ਰੋਕਣ ਲਈ ਪੂਰੀ ਸਰਗਰਮੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
Kotkpura News: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਿਲਾਵਟੀ ਸਾਮਾਨ ਦੀ ਵਿਕਰੀ ਰੋਕਣ ਲਈ ਪੂਰੀ ਸਰਗਰਮੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸਥਾਨਾਂ ਉਤੇ ਛਾਪੇਮਾਰੀ ਕਰਕੇ ਖਾਣ-ਪੀਣ ਦੀ ਚੀਜ਼ਾਂ ਦੇ ਸੈਂਪਲ ਭਰੇ ਜਾ ਰਹੇ ਹਨ।
ਸਿਹਤ ਵਿਭਾਗ ਦੀ ਟੀਮ ਨੇ ਸੂਚਨਾ ਦੇ ਆਧਾਰ ਉਤੇ ਕੋਟਕਪੂਰਾ ਦੇ ਪਿੰਡ ਸੰਧਵਾਂ ਦੀ ਰਿਹਾਇਸ਼ੀ ਖੇਤਰ ਵਿੱਚ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਇਥੋਂ ਸਿਹਤ ਵਿਭਾਗ ਦੀ ਟੀਮ ਨੇ ਨਕਲੀ ਦੇਸੀ ਘਿਓ ਦੇ ਕਰੀਬ 200 ਟੀਮ ਬਰਾਮਦ ਕੀਤੇ ਹਨ। ਨਾਲ ਹੀ ਘਿਓ ਤਿਆਰ ਕਰਨ ਲਈ ਵਰਤੋਂ ਕੀਤੇ ਜਾ ਰਹੇ ਮਟੀਰੀਅਲ ਤੇ ਵੱਖ-ਵੱਖ ਕੰਪਨੀਆਂ ਦੇ ਰੈਪਰ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਸਿਹਤ ਵਿਭਾਗ ਵੱਲੋਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਫੈਕਟਰੀ ਦੇ ਸੰਚਾਲਕ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪਿੰਡ ਦੇ ਲੋਕਾਂ ਨੇ ਇਸ ਮਾਮਲੇ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਸੀ, ਜਿਸ ਤੋਂ ਬਾਅਦ ਸਿਵਲ ਸਰਜਨ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੇ ਨਾਲ ਉਕਤ ਫੈਕਟਰੀ 'ਤੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਕਾਫੀ ਸਮੇਂ ਤੋਂ ਗੋਰਖ ਧੰਦਾ ਚਲਾ ਰਿਹਾ ਸੀ ਅਤੇ ਨਕਲੀ ਦੇਸੀ ਘਿਓ ਤਿਆਰ ਕਰਕੇ ਵੱਖ-ਵੱਖ ਥਾਵਾਂ ਅਤੇ ਦੁਕਾਨਾਂ 'ਤੇ ਸਪਲਾਈ ਕਰਦਾ ਸੀ।
ਹੁਣ ਸਿਹਤ ਵਿਭਾਗ ਵੱਲੋਂ ਸਪਲਾਈ ਕੀਤੇ ਗਏ ਸਾਮਾਨ ਦੀ ਵਸੂਲੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਸਿਵਲ ਸਰਜਨ ਡਾ. ਅਨਿਲ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਸੀ ਫਰੀਦਕੋਟ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਵੱਲੋਂ ਮਿਲਾਵਟਖੋਰਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਅੱਜ ਵੀ ਸਿਹਤ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਸਬੰਧੀ ਡੀਐਸਪੀ ਕੋਟਕਪੂਰਾ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਸਿਹਤ ਵਿਭਾਗ ਦੀ ਸ਼ਿਕਾਇਤ ’ਤੇ ਉਕਤ ਨਾਜਾਇਜ਼ ਫੈਕਟਰੀ ਦੇ ਸੰਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਸ਼ਿਕਾਇਤਕਰਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਦੇਖ ਰਹੇ ਹਨ ਕਿ ਇਹ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਨਾਜਾਇਜ਼ ਕੰਮ ਕਰ ਰਿਹਾ ਸੀ। ਉਨ੍ਹਾਂ ਇਸ ਸਬੰਧੀ ਸਿਹਤ ਵਿਭਾਗ ਅਤੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : Kapurthala Fire News: ਰੇਲ ਕੋਚ ਫੈਕਟਰੀ ਨੇੜੇ ਦਰਜਨਾਂ ਝੁੱਗੀਆਂ ਸੜ ਕੇ ਸੁਆਹ, ਅੱਗ 'ਤੇ ਕਾਬੂ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
ਕੋਟਕਪੂਰਾ ਤੋਂ ਕੇਸੀ ਸੰਜੇ ਦੀ ਰਿਪੋਰਟ