High Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮ
High Court News: ਸੂਬੇ `ਚ ਝੋਨੇ ਦੀ ਖਰੀਦ ਤੇ ਲਿਫਟਿੰਗ `ਚ ਆ ਰਹੀਆਂ ਦਿੱਕਤਾਂ ਦਾ ਮਾਮਲਾ ਹਾਈ ਕੋਰਟ `ਚ ਪਹੁੰਚ ਗਿਆ ਹੈ।
High Court News: ਸੂਬੇ 'ਚ ਝੋਨੇ ਦੀ ਖਰੀਦ ਤੇ ਲਿਫਟਿੰਗ 'ਚ ਆ ਰਹੀਆਂ ਦਿੱਕਤਾਂ ਦਾ ਮਾਮਲਾ ਹਾਈ ਕੋਰਟ 'ਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਾਮਲਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਤੇ ਕੇਂਦਰ ਸਰਕਾਰ ਦਰਮਿਆਨ 31 ਅਕਤੂਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਦਰਅਸਲ ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ 'ਤੇ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ 'ਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮੁੱਦੇ 'ਤੇ 31 ਅਕਤੂਬਰ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ, ਜਿਸ 'ਚ ਇਸ 'ਤੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹਾਈ ਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਜੋ ਵੀ ਕਰ ਸਕਦੀ ਹੈ, ਉਹ ਕਰ ਰਹੀ ਹੈ ਅਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਸਮੇਂ-ਸਮੇਂ 'ਤੇ ਜਾਣੂ ਕਰਵਾ ਰਹੀ ਹੈ।
ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਇਹ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪਟੀਸ਼ਨਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਮੁੜ ਹਾਈ ਕੋਰਟ ਤੱਕ ਪਹੁੰਚ ਕੀਤੀ ਜਾ ਸਕਦੀ ਹੈ।
ਕਾਬਿਲੇਗੌਰ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।