Punjab Police News: ਹਿਮਾਚਲ ਪ੍ਰਦੇਸ਼ ਦੀ ਪੁਲਿਸ ਪੰਜਾਬ ਤੇ ਹਰਿਆਣਾ ਨੂੰ ਸਿਖਾਏਗੀ ਐਨਡੀਪੀਐਸ ਕੇਸਾਂ ਦੀ ਜਾਂਚ ਦੇ ਗੁਰ
Punjab Police News: ਪੰਜਾਬ ਤੇ ਹਰਿਆਣਾ ਦੀ ਪੁਲਿਸ ਐਨਡੀਪੀਐਸ ਕੇਸਾਂ ਦੇ ਨਿਪਟਾਰੇ ਲਈ ਹੁਣ ਹਿਮਾਚਲ ਪ੍ਰਦੇਸ਼ ਦੀ ਪੁਲਿਸ ਤੋਂ ਗੁਰ ਸਿੱਖੇਗੀ।
Punjab Police News: ਪੰਜਾਬ ਅਤੇ ਹਰਿਆਣਾ ਦੀ ਪੁਲਿਸ ਐਨਡੀਪੀਐਸ ਕੇਸਾਂ ਦੇ ਨਿਪਟਾਰੇ ਲਈ ਹੁਣ ਹਿਮਾਚਲ ਪ੍ਰਦੇਸ਼ ਦੀ ਪੁਲਿਸ ਤੋਂ ਗੁਰ ਸਿੱਖੇਗੀ। ਪੰਜਾਬ ਅਤੇ ਹਰਿਆਣਾ ਪੁਲਿਸ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਦਾਰੋਹ ਪੁਲਿਸ ਟ੍ਰੇਨਿੰਗ ਸੈਂਟਰ ਵਿੱਚ ਸਿਖਲਾਈ ਦਿੱਤੀ ਜਾਵੇ। ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀ.ਜੀ.ਪੀ ਨੂੰ ਨਿਰਦੇਸ਼ ਜਾਰੀ ਕੀਤੀ ਹਨ।
ਹਾਈ ਕੋਰਟ ਨੇ ਕਿਹਾ ਹਿਮਾਚਲ ਪ੍ਰਦੇਸ਼ ਪੁਲਿਸ ਐਨਡੀਪੀਐਸ ਮਾਮਲਿਆਂ ਦੀ ਪੰਜਾਬ ਅਤੇ ਹਰਿਆਣਾ ਪੁਲਿਸ ਨਾਲੋਂ ਬਿਹਤਰ ਤਰੀਕੇ ਨਾਲ ਜਾਂਚ ਕਰ ਰਹੀ ਹੈ। ਇਸ ਲਈ ਹੁਣ ਇਨ੍ਹਾਂ ਦੋਵਾਂ ਰਾਜਾਂ ਦੀ ਪੁਲਿਸ ਨੂੰ ਹਿਮਾਚਲ ਪ੍ਰਦੇਸ਼ ਦੇ ਪੁਲਿਸ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨੇ ਦੀ ਟ੍ਰੇਨਿੰਗ ਲੈਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਟ੍ਰੇਨਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ ਆਦਿ ਦਾ ਖਰਚਾ ਪੰਜਾਬ ਅਤੇ ਹਰਿਆਣਾ ਪੁਲਿਸ ਵੱਲੋਂ ਕੀਤਾ ਜਾਵੇਗਾ, ਜੋ ਇੱਥੇ ਟ੍ਰੇਨਿੰਗ ਲੈਣਗੇ। ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਹੁਕਮ ਨੂੰ 15 ਦਿਨਾਂ ਦੇ ਅੰਦਰ-ਅੰਦਰ ਲਾਗੂ ਕਰਨ ਤੇ ਇਸ ਸਿਖਲਾਈ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਦਸਤੇ ਤਿਆਰ ਕੀਤੇ ਜਾਣ, ਜਿਨ੍ਹਾਂ ਨੂੰ ਸਿਖਲਾਈ ਲਈ ਭੇਜਿਆ ਜਾਣਾ ਹੈ।
ਇਸ ਦੇ ਨਾਲ ਹੀ ਹਾਈ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਗ੍ਰਹਿ ਸਕੱਤਰ ਤੇ ਪੁਲਿਸ ਟ੍ਰੇਨਿੰਗ ਸੈਂਟਰ, ਦਾਰੋਹ ਧਰਮਸ਼ਾਲਾ ਦੇ ਪ੍ਰਿੰਸੀਪਲ ਨੂੰ ਵੀ ਇਸ ਸਬੰਧੀ ਉਚਿਤ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ NDPS ਮਾਮਲੇ 'ਚ ਚਰਖੀ ਦਾਦਰੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਭੁਪਿੰਦਰ ਸਿੰਘ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ।
ਸੁਣਵਾਈ ਦੌਰਾਨ ਹਾਈ ਕੋਰਟ ਨੇ ਪਾਇਆ ਕਿ ਜਾਂਚ ਅਧਿਕਾਰੀ ਵੱਲੋਂ ਵੱਖ-ਵੱਖ ਪੱਧਰਾਂ 'ਤੇ ਕੁਤਾਹੀ ਕੀਤੀ ਗਈ ਹੈ। ਅਜਿਹੇ 'ਚ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਮੁਕਾਬਲੇ ਹਿਮਾਚਲ ਪ੍ਰਦੇਸ਼ 'ਚ ਜਾਂਚ ਬਿਹਤਰ ਤਰੀਕੇ ਨਾਲ ਹੁੰਦੀ ਹੈ।
ਅਜਿਹੇ 'ਚ ਜ਼ਰੂਰੀ ਹੋ ਗਿਆ ਹੈ ਕਿ ਇਨ੍ਹਾਂ ਦੋਵਾਂ ਰਾਜਾਂ ਦੇ ਪੁਲਿਸ ਅਧਿਕਾਰੀਆਂ ਨੂੰ ਬਿਹਤਰ ਸਿਖਲਾਈ ਦਿੱਤੀ ਜਾਵੇ ਤਾਂ ਜੋ ਜਾਂਚ ਦੇ ਢੰਗ ਨੂੰ ਬਿਹਤਰ ਬਣਾਇਆ ਜਾ ਸਕੇ। ਇਸੇ ਲਈ ਹੁਣ ਹਾਈਕੋਰਟ ਨੇ ਹਿਮਾਚਲ ਪ੍ਰਦੇਸ਼ ਪੁਲਿਸ ਦੇ ਪੁਲਿਸ ਟਰੇਨਿੰਗ ਸੈਂਟਰ ਨੂੰ ਹੁਕਮ ਦਿੱਤੇ ਹਨ ਕਿ ਉਹ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਕੇਸਾਂ ਦੀ ਜਾਂਚ ਕਿਵੇਂ ਕਰਨੀ ਹੈ, ਇਸ ਬਾਰੇ ਸਿਖਲਾਈ ਦੇਣ।
ਇਹ ਵੀ ਪੜ੍ਹੋ : MP Kirron Kher News: ਸੰਸਦ ਮੈਂਬਰ ਕਿਰਨ ਖੇਰ ਤੇ ਕਾਰੋਬਾਰੀ ਚੇਤੱਨਿਆ ਅਗਰਵਾਲ ਵਿਚਾਲੇ ਰਾਜ਼ੀਨਾਮਾ; 6 ਕਰੋੜ ਰੁਪਏ ਮੋੜੇ