Punjab News:(Manoj Joshi): ਸੀਨੀਅਰ IAS ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।


ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।


ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।