ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ `ਚ ਪੰਜਾਬ ਹਰਿਆਣਾ ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ
ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਬਲਬੀਰ ਸਿੰਘ ਸੇਵਕ ਨੇ ਕਿਹਾ ਕਿ ਅਸੀਂ ਆਪਣੇ ਜਵਾਬ ਵਿਚ ਕਿਹਾ ਹੈ ਕਿ ਭੁੱਲਰ ਨੂੰ ਰਿਹਾਅ ਕੀਤਾ ਜਾਵੇ। ਅਦਾਲਤ ਨੂੰ ਉਸ ਦੀ ਸਿਹਤ ਅਤੇ ਆਚਰਣ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਨੀਤਿਕਾ ਮਹੇਸ਼ਵਰੀ/ਚੰਡੀਗੜ: ਬਲਾਸਟ ਕੇਸ ਵਿਚ ਜੇਲ੍ਹ ਵਿਚ ਬੰਦ ਦਵਿੰਦਰਪਾਲ ਭੁੱਲਰ ਦੀ ਰਿਹਾਈ ਮਾਮਲੇ 'ਤੇ ਪੰਜਾਬ ਹਰਿਆਣਾ 'ਚ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ।
ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਬਲਬੀਰ ਸਿੰਘ ਸੇਵਕ ਨੇ ਕਿਹਾ ਕਿ ਅਸੀਂ ਆਪਣੇ ਜਵਾਬ ਵਿਚ ਕਿਹਾ ਹੈ ਕਿ ਭੁੱਲਰ ਨੂੰ ਰਿਹਾਅ ਕੀਤਾ ਜਾਵੇ। ਅਦਾਲਤ ਨੂੰ ਉਸ ਦੀ ਸਿਹਤ ਅਤੇ ਆਚਰਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸਰਕਾਰ ਨੇ ਕਿਹਾ ਕਿ ਸਾਨੂੰ ਭੁੱਲਰ ਦੀ ਰਿਹਾਈ ਤੋਂ ਕੋਈ ਸਮੱਸਿਆ ਨਹੀਂ ਹੈ।
ਬਲਬੀਰ ਸਿੰਘ ਸੇਵਕ ਨੇ ਕਿਹਾ ਕਿ 2016 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ 5 ਵਾਰ ਭੁੱਲਰ ਦੀ ਰਿਹਾਈ ਦੀ ਵਕਾਲਤ ਕਰ ਚੁੱਕੀ ਹੈ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਸਰਕਾਰ ਨੇ ਆਪਣੇ ਆਖਰੀ ਪੱਤਰ ਵਿਚ ਬਿਨਾਂ ਕੋਈ ਕਾਰਨ ਦੱਸੇ ਕੇਸ ਨੂੰ ਟਾਲ ਦਿੱਤਾ। ਫਿਲਹਾਲ ਇਹ ਮਾਮਲਾ ਸਜ਼ਾ ਸਮੀਖਿਆ ਕਮੇਟੀ ਕੋਲ ਵਿਚਾਰ ਅਧੀਨ ਹੈ। ਜਿਸ ਤੋਂ ਬਾਅਦ ਅਦਾਲਤ ਨੇ ਦਿੱਲੀ ਸਰਕਾਰ ਨੂੰ ਅਗਲੀ ਸੁਣਵਾਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
ਅੱਜ ਸੁਣਵਾਈ ਦੌਰਾਨ ਮਨਿੰਦਰ ਬਿੱਟਾ ਨੇ ਖੁਦ ਨੂੰ ਧਿਰ ਬਣਾਉਣ ਦੀ ਅਰਜ਼ੀ ਦਿੱਤੀ ਹੈ। ਇਸ 'ਤੇ ਅਦਾਲਤ ਨੇ ਭੁੱਲਰ ਦੇ ਵਕੀਲ ਨੂੰ ਪੁੱਛਿਆ ਕਿ ਕੀ ਤੁਹਾਨੂੰ ਕੋਈ ਇਤਰਾਜ਼ ਹੈ ਤਾਂ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਹੈ। ਉਧਰ ਪੰਜਾਬ ਸਰਕਾਰ ਦੇ ਵਕੀਲ ਨੇ ਬਿੱਟਾ ਨੂੰ ਪਾਰਟੀ ਬਣਾਉਣ ਦਾ ਵਿਰੋਧ ਕੀਤਾ।
ਦੱਸ ਦੇਈਏ ਕਿ ਭੁੱਲਰ ਨੇ ਹਾਈ ਕੋਰਟ ਵਿੱਚ ਰਿਹਾਈ ਲਈ ਪਟੀਸ਼ਨ ਦਾਇਰ ਕੀਤੀ ਹੈ। ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿਚ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਸੀ। ਭੁੱਲਰ 24 ਸਾਲ 7 ਮਹੀਨੇ 25 ਦਿਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ।
WATCH LIVE TV