ਚੰਡੀਗੜ੍ਹ: ਪੰਜਾਬ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਦੋ ਜ਼ਖ਼ਮੀ ਦੋਸਤਾਂ ਦੀ ਸੁਰੱਖਿਆ ਵਧਾ ਦਿੱਤੀ ਹੈ। 29 ਮਈ ਨੂੰ ਜਦੋਂ ਹਮਲਾ ਹੋਇਆ ਤਾਂ ਇਹ ਦੋਵੇਂ ਦੋਸਤ ਕਾਰ ਦੇ ਅੰਦਰ ਮੌਜੂਦ ਸਨ। ਸੂਤਰਾਂ ਨੇ ਦੱਸਿਆ ਕਿ ਕਿਉਂਕਿ ਉਹ ਘਟਨਾ ਦੇ ਚਸ਼ਮਦੀਦ ਗਵਾਹ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਦੋ ਦੋਸਤਾਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਨਾਲ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਜਾ ਰਿਹਾ ਸੀ, ਜਿੱਥੇ ਬਦਮਾਸ਼ਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਉਸ ਦੀ ਮੌਤ ਹੋ ਗਈ, ਜਦਕਿ ਕਾਰ 'ਚ ਮੌਜੂਦ ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ।


COMMERCIAL BREAK
SCROLL TO CONTINUE READING

ਫਿਲਹਾਲ ਦੋਵੇਂ ਦੋਸਤਾਂ ਦਾ ਇਲਾਜ ਲੁਧਿਆਣਾ ਦੇ ਹਸਪਤਾਲ 'ਚ ਚੱਲ ਰਿਹਾ ਹੈ। ਇਨ੍ਹਾਂ 'ਚੋਂ ਇਕ ਦੀ ਬਾਂਹ 'ਚ ਗੋਲੀ ਲੱਗੀ ਸੀ, ਜਦੋਂ ਕਿ ਦੂਜੇ ਨੂੰ ਪੱਟ 'ਚ ਗੋਲੀ ਲੱਗੀ ਸੀ, ਜਿਸ ਤੋਂ ਬਾਅਦ ਉਸ ਦੀ ਸਰਜਰੀ ਹੋਈ ਸੀ। ਸੂਤਰਾਂ ਨੇ ਦੱਸਿਆ ਕਿ ਜਿਸ ਵਾਰਡ ਵਿਚ ਉਹ ਦਾਖਲ ਹਨ, ਉਥੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ, ਇਸ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਦੋਸ਼ ਲਗਾਏ ਜਾ ਰਹੇ ਹਨ। ਸਿੱਧੂ ਮੂਸੇਵਾਲਾ ਵੀ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਚੁੱਕੇ ਹਨ, ਇਸ ਲਈ ਕਾਂਗਰਸ ਪਾਰਟੀ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧ ਰਹੀ ਹੈ।