ਚੰਡੀਗੜ- ਪੰਜਾਬ ਵਿਚ ਨਸ਼ਾ ਤਸਕਰਾਂ ਨੇ ਪੁਲਿਸ ਤੋਂ ਬਚ ਕੇ ਆਪਣਾ ਕੰਮ ਜਾਰੀ ਰੱਖਣ ਦਾ ਨਵਾਂ ਤਰੀਕਾ ਲੱਭ ਲਿਆ ਹੈ। ਨਸ਼ਾ ਤਸਕਰ ਹੁਣ ਨਸ਼ਾ ਲਿਆਉਣ ਅਤੇ ਲਿਜਾਣ ਲਈ ਔਰਤਾਂ ਦੀ ਵਰਤੋਂ ਕਰ ਰਹੇ ਹਨ। ਇੰਨਾ ਹੀ ਨਹੀਂ ਨਸ਼ਾ ਤਸਕਰਾਂ ਨੇ ਨਿੱਜੀ ਵਾਹਨਾਂ ਦੀ ਬਜਾਏ ਜਨਤਕ ਟਰਾਂਸਪੋਰਟ ਰਾਹੀਂ ਨਸ਼ੇ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

 


ਪੰਜਾਬ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਨਸ਼ਾ ਸਪਲਾਈ ਕਰਨ ਵਾਲਿਆਂ ਨੇ ਇਸ ਘਿਣਾਉਣੇ ਧੰਦੇ ਵਿਚ ਔਰਤਾਂ ਨੂੰ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਨਸ਼ਾ ਤਸਕਰ ਅੱਜ ਕੱਲ੍ਹ ਤਸਕਰੀ ਲਈ ਜਨਤਕ ਟਰਾਂਸਪੋਰਟ ਨੂੰ ਤਰਜੀਹ ਦੇ ਰਹੇ ਹਨ ਜਿਸ ਨੂੰ ਟਰੈਕ ਕਰਨ ਲਈ ਵਧੇਰੇ ਮਨੁੱਖੀ ਚੌਕਸੀ ਦੀ ਲੋੜ ਹੈ। ਪੰਜਾਬ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਦੇ ਕੇਸਾਂ ਵਿਚ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਪਿਛਲੇ ਇਕ ਮਹੀਨੇ ਦੌਰਾਨ 141 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।


 


ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਇਕ ਹਫ਼ਤੇ ਦੌਰਾਨ ਰਾਜ ਭਰ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ 354 ਐਫ. ਆਈ. ਆਰ. ਇਨ੍ਹਾਂ ਵਿਚੋਂ 36 ਵਪਾਰਕ ਮਾਮਲੇ ਹਨ। ਪੁਲਿਸ ਨੇ 472 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਹ ਕਾਰਵਾਈ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਗਈ ਹੈ।


 


 


ਪੁਲਿਸ ਦੀ ਵਿਸ਼ੇਸ਼ ਮੁਹਿੰਮ ਸ਼ੁਰੂ


ਆਈ. ਜੀ. ਗਿੱਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਆਪੋ-ਆਪਣੇ ਜ਼ਿਲ੍ਹਿਆਂ ਦੇ ਸਮੂਹ ਸੀ.ਪੀਜ਼ ਅਤੇ ਐਸ.ਐਸ.ਪੀਜ਼ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਦੇ ਦੌਰੇ, ਸੈਮੀਨਾਰ, ਵਿਧਾਇਕਾਂ-ਸਰਪੰਚਾਂ ਅਤੇ ਕੌਂਸਲਰਾਂ ਦੀਆਂ ਮੀਟਿੰਗਾਂ ਤੋਂ ਇਲਾਵਾ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤਹਿਤ ਬਰਨਾਲਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਲਈ ਚਾਰ ਰੋਜ਼ਾ ਬਾਸਕਟਬਾਲ ਲੀਗ ਅੰਡਰ-17 (ਲੜਕੇ) ਕਰਵਾਈ ਗਈ ਇਸੇ ਤਰ੍ਹਾਂ ਮਾਲੇਰਕੋਟਲਾ ਪੁਲਿਸ ਵੱਲੋਂ 'ਸਾਝੀ ਸੱਥ' ਦੇ ਸਿਰਲੇਖ ਹੇਠ ਇੱਕ ਵਿਸ਼ਾਲ ਨਸ਼ਾ ਵਿਰੋਧੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਭ ਤੋਂ ਵੱਧ ਪ੍ਰਭਾਵਿਤ ਜਾਂ ਹੌਟਸਪੌਟ ਖੇਤਰਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।