Innovation Mission Punjab ਨੌਜਵਾਨ ਪੀੜ੍ਹੀ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਬਹੁਤ ਜ਼ਰੂਰੀ - ਸੀਐਮ ਭਗਵੰਤ ਮਾਨ
ਮੁਹਾਲੀ `ਚ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਐਕਸੈਲਰੇਟਰ ਲਾਂਚ ਦਾ ਉਦਘਾਟਨ ਕਰਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ।
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ 'ਚ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਐਕਸੈਲਰੇਟਰ ਲਾਂਚ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਮੁਹਾਲੀ ਦੇ ਵਿਧਾਇਕ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਨ ਦੌਰਾਨ ਕਿਹਾ ਕਿ ਪੰਜਾਬ ਵਿੱਚ 65 ਪ੍ਰਤੀਸ਼ਤ ਵਿਅਕਤੀ 35 ਸਾਲ ਤੋਂ ਥੱਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਯੂਥ ਦਾ ਹੋਣਾ ਪੰਜਾਬ ਲਈ ਚੰਗੀ ਊਰਜਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਦੀ ਊਰਜਾ ਅਤੇ ਸੋਚ ਨੂੰ ਸਹੀ ਤਰੀਕੇ ਨਾਲ ਇਸਤੇਮਾਲ ਕੀਤਾ ਗਿਆ ਤਾਂ ਦੇਸ਼ ਉੱਚੀਆਂ ਬੁਲੰਦੀਆਂ ਨੂੰ ਛੂਹ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਪੜ੍ਹਾਈ ਦੇ ਹਿਸਾਬ ਨਾਲ ਕੰਮ ਦੇਣਾ ਚਾਹੀਦਾ ਹੈ।