ਪੰਜਾਬ ’ਚ 21 ਹਜ਼ਾਰ ਕਰੋੜ ਦੇ ਨਿਵੇਸ਼ ਨਾਲ 93 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ: CM ਮਾਨ
ਪੰਜਾਬ ਸਰਕਾਰ ਦੇ ਪੰਜ ਮਹੀਨਿਆਂ ਦੇ ਕਾਰਜਕਾਲ ਦੌਰਾਨ 21,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਇਸ ਨਿਵੇਸ਼ ਨਾਲ ਸੂਬੇ ਭਰ ਦੇ ਕਰੀਬ 93,000 ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਪੰਜ ਮਹੀਨਿਆਂ ਵਿੱਚ 21,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਿਵੇਸ਼ ਨਾਲ ਸੂਬੇ ਭਰ ਦੇ ਕਰੀਬ 93,000 ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਇਹ ਦਾਅਵਾ ਪੰਜਾਬ ਸਰਕਾਰ ਦੁਆਰਾ ਕੀਤਾ ਗਿਆ ਹੈ।
ਸੂਬੇ ਦੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਹੋਰ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਕਾਨਫਰੰਸ ਆਯੋਜਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਾਨਫਰੰਸ ਵਿੱਚ ਦੇਸ਼ ਦੇ ਪ੍ਰਮੁੱਖ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਮਾਨ ਨੇ 'ਇਨਵੈਸਟ ਪੰਜਾਬ' ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਪ੍ਰਾਪਤ ਕਰਨ ਦੀ ਇਸ ਰਫ਼ਤਾਰ ਨੂੰ ਟੁੱਟਣ ਨਹੀਂ ਦੇਣਾ ਚਾਹੀਦਾ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸੂਬਾ ਸਰਕਾਰ ਦੀ ਇਨਵੈਸਟ ਪੰਜਾਬ-ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨਫਰੰਸ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਵੇਂ ਰਾਹ 'ਤੇ ਲਿਜਾਣ ਲਈ ਅਹਿਮ ਭੂਮਿਕਾ ਨਿਭਾਏਗੀ।
ਪੰਜਾਬ ਨੂੰ ਨਿਵੇਸ਼ਕਾਂ ਦਾ ਪੰਸਦੀਦਾ ਸਥਾਨ ਬਣਾਇਆ ਜਾਵੇਗਾ: CM ਮਾਨ
ਉਨ੍ਹਾਂ ਨੇ ਇਨਵੈਸਟ ਪੰਜਾਬ ਨੂੰ ਇਸ ਮਹੱਤਵਪੂਰਨ ਪਲੇਟਫਾਰਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ ਤਾਂ ਜੋ ਪੰਜਾਬ ਨੂੰ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਠੋਸ ਪ੍ਰਬੰਧ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਸੂਬੇ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਨਫਰੰਸ ਸੂਬੇ ਨੂੰ ਉਦਯੋਗ ਦੇ ਧੁਰੇ ਵਜੋਂ ਉਭਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗੀ।
ਮੁੱਖ ਮੰਤਰੀ ਮਾਨ ਨੇ ਇਨਵੈਸਟ ਪੰਜਾਬ ਨੂੰ ਸੰਭਾਵੀ ਨਿਵੇਸ਼ਕਾਂ ਨੂੰ ਕਾਨਫਰੰਸ ਵਿੱਚ ਸੱਦਾ ਦੇਣ ਅਤੇ ਕਾਨਫਰੰਸ ਦੌਰਾਨ ਸੂਬੇ ਦੀਆਂ ਖਾਸੀਅਤਾਂ ਨੂੰ ਦਰਸਾਉਣ ਲਈ ਭਾਰਤ ਦੇ ਸਾਰੇ ਵੱਡੇ ਸ਼ਹਿਰਾਂ ਅਤੇ ਵਿਸ਼ਵ ਪੱਧਰ ’ਤੇ ਰੋਡ ਸ਼ੋਅ ਸਮੇਤ ਪ੍ਰਮੋਸ਼ਨਲ ਆਊਟਰੀਚ ਪ੍ਰੋਗਰਾਮ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ।