6 ਮੰਤਰੀਆਂ ਤੋਂ ਬਾਅਦ ਹੁਣ ਸੀ. ਐਮ. ਮਾਨ ਖੁਦ ਸੰਭਾਲਣਗੇ ਮੋਰਚਾ, ਸੰਗਰੂਰ `ਚ ਕੱਢਣਗੇ ਰੋਡ ਸ਼ੋਅ
ਜਰਨੈਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ਇਲਾਕੇ ਦੇ ਲੋਕ ਵੱਡੀ ਜਿੱਤ ਹਾਸਲ ਕਰਕੇ ‘ਆਪ’ ਦੇ ਉਮੀਦਵਾਰ ਨੂੰ ਮੁੜ ਸੰਸਦ ਵਿੱਚ ਭੇਜਣਗੇ।
ਚੰਡੀਗੜ: ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਆਪਣੀ ਜਿੱਤ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚਣ ਦੀ ਚੋਣ ਮੁਹਿੰਮ ਵਿੱਚ ਹਿੱਸਾ ਲੈਣਗੇ। ਉਹ ਲੋਕ ਸਭਾ ਹਲਕੇ ਵਿੱਚ ਰੋਡ ਸ਼ੋਅ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਦਿੱਤੀ।
ਜਰਨੈਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਵਿਰੋਧੀ ਪਾਰਟੀਆਂ 'ਤੇ ਹਮਲਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ 'ਚ ਡਰੱਗ ਮਾਫੀਆ, ਮਾਈਨਿੰਗ ਮਾਫੀਆ, ਕੇਬਲ ਮਾਫੀਆ ਅਤੇ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਅਤੇ ਪੰਜਾਬ ਨੂੰ ਕਰਜ਼ੇ 'ਚ ਡੁਬੋ ਦਿੱਤਾ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਗਾਤਾਰ ‘ਆਪ’ ਸਰਕਾਰ ‘ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੇ ਦੋਸ਼ ਲਗਾ ਰਹੀ ਹੈ ਜਦਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਆਪਣੇ ਸ਼ਾਸਨ ਦੌਰਾਨ ਅਪਰਾਧੀਆਂ ਨੂੰ ਤਿਆਰ ਕਰਕੇ ਪਨਾਹ ਦਿੱਤੀ ਹੈ। ਜਰਨੈਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ਇਲਾਕੇ ਦੇ ਲੋਕ ਵੱਡੀ ਜਿੱਤ ਹਾਸਲ ਕਰਕੇ ‘ਆਪ’ ਦੇ ਉਮੀਦਵਾਰ ਨੂੰ ਮੁੜ ਸੰਸਦ ਵਿੱਚ ਭੇਜਣਗੇ।
‘ਆਪ’ ਉਮੀਦਵਾਰ ਗੁਰਮੇਲ ਬਾਰੇ ਪੰਜਾਬ ਇੰਚਾਰਜ ਨੇ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਗੁਰਮੇਲ ਸਿੰਘ ਨੇ ਗਣਿਤ ਵਿਚ ਪੋਸਟ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਕੀਤੀ ਹੈ ਅਤੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇਕ ਅਧਿਆਪਕ ਸਨ ਅਤੇ 2018 ਤੱਕ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਂਦੇ ਸਨ।
ਛੇ ਮੰਤਰੀ ਵੀ ਪ੍ਰਚਾਰ ਵਿਚ ਜੁੱਟੇ
‘ਆਪ’ ਨੇ ਛੇ ਕੈਬਨਿਟ ਮੰਤਰੀਆਂ ਨੂੰ ਚੋਣ ਪ੍ਰਚਾਰ ਵਿੱਚ ਉਤਾਰਿਆ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਮੰਤਰੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੀ ਸਫਲਤਾ ਦਾ ਪ੍ਰਚਾਰ ਕਰਨਗੇ।
WATCH LIVE TV