Amritsar News: ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਹਦਾਇਤ
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 31 ਅਗਸਤ 2024 ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ ਅਤੇ ਅਕਾਲੀ-ਬੀਜੇਪੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਅਕਾਲ ਤਖਟਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ।
ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਤਦ ਤੱਕ ਇਸ ’ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ। ਜੇਕਰ ਸਿੱਖ ਸਿਆਸੀ ਆਗੂ ਬਾਜ਼ ਨਾ ਆਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਦੀ ਉਲੰਘਣਾ ਕਰਨ ਵਾਲੇ ਆਗੂਆਂ ਦੇ ਖਿਲਾਫ਼ ਪੰਥਕ ਰਹੁ-ਰੀਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।