ਕੇਜਰੀਵਾਲ ਤੇ ਭਗਵੰਤ ਮਾਨ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਲਈ ਸ਼ਾਨਦਾਰ ਵੋਲਵੋ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ
ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਹੁਣ ਟਰਾਂਸਪੋਰਟ ਮਾਫੀਆ ਵੀ ਬੀਤੇ ਦੀ ਗੱਲ ਹੋ ਜਾਵੇਗੀ, ਕਿਉਂਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਸੂਬੇ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਸਰਕਾਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰਨਗੇ।’
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਸ਼ਾਨਦਾਰ ਵੋਲਵੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਤਾਂ ਜੋ ਇੱਕ ਪ੍ਰਮੁੱਖ ਰਾਜਨੀਤਿਕ ਪਰਿਵਾਰ ਦੀਆਂ ਮਾਲਕੀ ਵਾਲੀਆਂ ਟਰਾਂਸਪੋਰਟ ਕੰਪਨੀਆਂ ਦੇ ਏਕਾਧਿਕਾਰ ਨੂੰ ਖ਼ਤਮ ਕੀਤਾ ਜਾ ਸਕੇ।
ਇਹ ਪ੍ਰਗਟਾਵਾ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ’ਚ ‘ਆਪ’ ਸਰਕਾਰ ਨੇ ਪੰਜਾਬ ’ਚੋਂ ਸ਼ਰਾਬ ਮਾਫੀਆ, ਰੇਤ ਮਾਫੀਆ ਅਤੇ ਨਸ਼ਾ ਮਾਫੀਆ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਕਈ ਨਿਰਣਾਇਕ ਫ਼ੈਸਲੇ ਕੀਤੇ ਹਨ।
ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਹੁਣ ਟਰਾਂਸਪੋਰਟ ਮਾਫੀਆ ਵੀ ਬੀਤੇ ਦੀ ਗੱਲ ਹੋ ਜਾਵੇਗੀ, ਕਿਉਂਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਸੂਬੇ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਸਰਕਾਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰਨਗੇ।’
ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਕਰਦਿਆਂ ਕੰਗ ਨੇ ਕਿਹਾ ਕਿ ਨਾ ਕੇਵਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਢੇ ਚਾਰ ਸਾਲ ਦੇ ਸ਼ਾਸਨ ’ਚ ਟਰਾਂਸਪੋਰਟ ਮਾਫੀਆਂ ਨੂੰ ਖ਼ਤਮ ਕਰਨ ’ਚ ਫੇਲ ਹੋਏ, ਬਲਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਵੀ ਟਰਾਂਸਪੋਰਟ ਮਾਫੀਆ ਧੜੱਲੇ ਨਾਲ ਚਲਦਾ ਰਿਹਾ, ਕਿਉਂਕਿ ਟਰਾਂਸਪੋਰਟ ਮਾਫੀਆ ’ਤੇ ਕਾਂਗਰਸ ਅਤੇ ਅਕਾਲੀ ਦਲ ਦਾ ਕਬਜਾ ਸੀ ਅਤੇ ਇਨਾਂ ਪਾਰਟੀਆਂ ਦੇ ਆਗੂ ਰਲ਼ਮਿਲ਼ ਕੇ ਪੰਜਾਬ ਨੂੰ ਲੁੱਟ ਰਹੇ ਸਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦੀ ਤੁਲਨਾ ’ਚ ਮਾਨ ਸਰਕਾਰ ਦੇ ਢਾਈ ਮਹੀਨਿਆਂ ਦੇ ਸ਼ਾਸਨ ’ਚ ਹੀ ਟਰਾਂਸਪੋਰਟ ਮਾਫੀਆ ਨੂੰ ਖ਼ਤਮ ਕਰਨ ਦੀ ਕਾਰਵਾਈ ਦਾ ਅਸਰ ਦਿਖਣ ਲੱਗ ਪਿਆ ਹੈ।
‘ਆਪ’ ਆਗੂ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਬੱਸ ਰੂਟਾਂ ਤੋਂ ਨਿੱਜੀ ਕੰਪਨੀ ਦਾ ਏਕਾਧਿਕਾਰ ਖ਼ਤਮ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ’ਚ ਲਗਜਰੀ ਬੱਸਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ’ਚ ਸਹੂਲਤਾਂ ਦਾ ਨਵੀਨੀਕਰਨ ਅਤੇ ਵਿਕਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ।
ਕੰਗ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਦਿੱਲੀ ਏਅਰਪੋਰਟ ਲਈ ਸੁਪਰ ਲਗਜ਼ਰੀ ਵੋਲਵੋ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨਾਂ ਬੱਸਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਅੱਧਾ ਹੋਵੇਗਾ, ਜਦੋਂ ਕਿ ਸਹੂਲਤਾਂ ਦੁੱਗਣੀਆਂ ਹੋਣਗੀਆਂ। ਇਨਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈਬਸਾਇਟਜ਼ ’ਤੇ ਆਸਾਨੀ ਨਾਲ ਦੇਖੀ ਜਾ ਸਕਦੀ ਹੈ ਅਤੇ ਬੱਸਾਂ ਦੀ ਸਮਾਂ ਸਾਰਣੀ ਵੀ ਉਕਤ ਸਾਇਟਾਂ ’ਤੇ ਉਪਲੱਬਧ ਹੈ।