Ludhiana News: ਲੁਧਿਆਣਾ 'ਚ ਇਕ ਵਿਆਹੁਤਾ ਨੇ ਆਪਣੇ ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ ਤਾਂ ਲੜਕੀ ਦੇ ਪੇਕੇ ਪਰਿਵਾਰ ਨੇ ਥਾਣੇ ਦਾ ਘਿਰਾਓ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਹਰਕਤ 'ਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਲੜਕੇ ਵਾਲੇ ਫਰਾਰ ਹੋ ਗਏ।


COMMERCIAL BREAK
SCROLL TO CONTINUE READING

ਚੰਡੀਗੜ੍ਹ ਦੀ ਰਹਿਣ ਵਾਲੀ 24 ਸਾਲਾ ਅੰਜਲੀ ਦਾ ਵਿਆਹ ਦੋ ਸਾਲ ਪਹਿਲਾਂ ਲੁਧਿਆਣਾ ਦੇ ਜਲਮਪੁਰ ਵਿਖੇ ਹੋਇਆ ਸੀ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਵਿਆਹ ਤੋਂ ਤੁਰੰਤ ਬਾਅਦ ਹੀ ਉਸ ਦੇ ਸਹੁਰੇ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ। ਉਸ ਦਾ ਸਹੁਰਾ ਉਸ ਨੂੰ ਤਾਅਨੇ ਮਾਰਦਾ ਸੀ। ਪਤੀ ਵੀ ਮਾਤਾ-ਪਿਤਾ ਨਾਲ ਮਿਲ ਕੇ ਧੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਉਸ ਦੀ ਬੇਟੀ ਜਿਮ ਜਾਂਦੀ ਸੀ ਪਰ ਉਸ ਦਾ ਪਤੀ ਇਹ ਵੀ ਬਰਦਾਸ਼ਤ ਨਹੀਂ ਕਰ ਸਕਦਾ ਸੀ। ਅਤੇ ਲੜਕੇ ਦੇ ਬਾਹਰ ਨਜਾਇਜ ਸਬੰਧ ਵੀ ਚੱਲ ਰਹੇ ਸਨ


ਮ੍ਰਿਤਕ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਬੇਟੀ ਖ਼ੁਦਕੁਸ਼ੀ ਨਹੀਂ ਕਰ ਸਕਦੀ। ਉਸ ਨੇ ਖ਼ੁਦ ਫਾਹਾ ਨਹੀਂ ਲਾਇਆ, ਸਗੋਂ ਉਸ ਦੇ ਸਹੁਰਿਆਂ ਨੇ ਉਸ ਨੂੰ ਫਾਹਾ ਲਗਾ ਕੇ ਮਾਰ ਦਿੱਤਾ। ਵੀਨਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਜਦੋਂ ਇਹ ਘਟਨਾ ਵਾਪਰੀ ਤਾਂ ਸਹੁਰੇ ਪਰਿਵਾਰ ਦੇ ਕਿਸੇ ਮੈਂਬਰ ਨੇ ਉਨ੍ਹਾਂ ਨੂੰ ਸੂਚਿਤ ਨਹੀਂ ਕੀਤਾ ਪਰ ਅੱਜ ਸਵੇਰੇ ਗੁਆਂਢੀਆਂ ਨੇ ਉਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੀ ਮੌਤ ਹੋ ਗਈ ਹੈ।


ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਨੇ ਉਸ ਕਮਰੇ 'ਚੋਂ ਸਾਰੇ ਸਬੂਤ ਵੀ ਨਸ਼ਟ ਕਰ ਦਿੱਤੇ, ਜਿਸ 'ਚ ਉਸ ਦੀ ਬੇਟੀ ਨੇ ਫਾਹਾ ਲੈ ਲਿਆ ਸੀ। ਜਿਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਵੀ ਦੇ ਦਿੱਤੀ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਵੀਨਾ ਨੇ ਦੋਸ਼ ਲਾਇਆ ਕਿ ਘਟਨਾ ਦੇ ਦੋ ਦਿਨ ਬਾਅਦ ਵੀ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ।


ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਰਾਕੇਸ਼ ਕੁਮਾਰ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜਲਦੀ ਹੀ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।