Mansa News: ਮਾਨਸਾ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਪਿਛਲੇ 67 ਦਿਨਾਂ ਤੋਂ ਬੱਸ ਸਟੈਂਡ ਚੌਕ 'ਤੇ ਧਰਨਾ ਦਿੱਤਾ ਜਾ ਰਿਹਾ ਹੈ। ਸੀਵਰੇਜ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸ਼ਹਿਰ ਵਾਸੀਆਂ ਨੇ ਕਿਹਾ ਕਿ ਸਰਕਾਰ ਨੇ ਵੀ ਉਨ੍ਹਾਂ ਨੂੰ ਸੀਵਰੇਜ ਦੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਸਰਕਾਰ ਜਾਂ ਪ੍ਰਸ਼ਾਸਨ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।


COMMERCIAL BREAK
SCROLL TO CONTINUE READING

ਮਾਨਸਾ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਸ਼ਹਿਰ ਵਾਸੀਆਂ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ ਕਿਉਂਕਿ ਹਰ ਰੋਜ਼ ਸ਼ਹਿਰ ਵਿੱਚ ਸੀਵਰੇਜ ਓਵਰਫਲੋ ਹੋਣ ਕਾਰਨ ਗਲੀਆਂ ਅਤੇ ਸੜਕਾਂ ਪਾਣੀ ਨਾਲ ਭਰੀਆਂ ਰਹਿੰਦੀਆਂ ਹਨ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਰਡਾਂ ਵਿੱਚ ਸਥਿਤੀ ਅਜਿਹੀ ਹੈ ਕਿ ਸੀਵਰੇਜ ਬੋਰਡ ਸੀਵਰੇਜ ਦੇ ਪਾਣੀ ਨੂੰ ਕੱਢਣ ਲਈ ਕੋਈ ਉਪਰਾਲਾ ਨਹੀਂ ਕਰਦਾ ਜਿਸ ਕਾਰਨ ਲੋਕਾਂ ਨੂੰ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ।


ਸ਼ਹਿਰ ਵਾਸੀਆਂ ਨੇ ਧਰਨੇ ਦੌਰਾਨ ਸੀਵਰੇਜ ਬੋਰਡ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਪਿਛਲੇ 67 ਦਿਨਾਂ ਤੋਂ ਉਹ ਲੋਕਾਂ ਵਿੱਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਬੱਸ ਸਟੈਂਡ ਚੌਕ ਵਿੱਚ ਧਰਨਾ ਦੇ ਰਹੇ ਹਨ।


ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਵੱਲੋਂ ਧਰਨੇ ਦੇ ਵਿੱਚ ਆ ਕੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਮੰਤਰੀਆਂ ਦੇ ਵਾਅਦੇ ਪੂਰੇ ਨਹੀਂ ਹੋਏ ਹਨ।


ਉਨ੍ਹਾਂ ਕਿਹਾ ਕਿ ਅੱਜ ਵੀ ਸ਼ਹਿਰ ਵਾਸੀ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਹਰ ਰੋਜ਼ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਨ ਲਈ ਮਜਬੂਰ ਹਨ ਕਿਉਂਕਿ ਪ੍ਰਸ਼ਾਸਨ ਦੇ ਅਧਿਕਾਰੀ ਵੀ ਇਸ ਸਮੱਸਿਆ ਦਾ ਹੱਲ ਕਰਨਾ ਜ਼ਰੂਰੀ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ। ਸਰਕਾਰ ਅਤੇ ਸੀਵਰੇਜ ਬੋਰਡ ਵਿਰੁੱਧ ਧਰਨਾ ਜਾਰੀ ਰਹੇਗਾ।