Mansa News: ਮਾਨਸਾ ਵਿੱਚ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅਧਿਆਪਕ ਵਰਗ ਅੱਜ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ। ਸਾਂਝਾ ਅਧਿਆਪਕ ਮੋਰਚਾ ਮਾਨਸਾ ਦੇ ਬਾਲ ਭਵਨ ਵਿਖੇ ਇਕੱਤਰ ਹੋਇਆ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ। 


COMMERCIAL BREAK
SCROLL TO CONTINUE READING

ਇਸ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੀਆਂ ਅਧਿਆਪਕ ਯੂਨੀਅਨਾਂ ਨਾਲ ਜੋ ਵਾਅਦੇ ਕੀਤੇ ਸਨ। ਇਨ੍ਹਾਂ ਵਾਅਦਿਆਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ।


ਅਧਿਆਪਕਾਂ ਨੇ ਕਿਹਾ ਕਿ ਅੱਜ ਬੇਰੁਜ਼ਗਾਰ ਸੜਕਾਂ ’ਤੇ ਰੁਲ ਰਹੇ ਹਨ, ਕੱਚੇ ਅਧਿਆਪਕਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਤਰਜ਼ ’ਤੇ ਪੁਰਾਣੀ ਪੈਨਸ਼ਨ ਲਾਗੂ ਕਰਨਾ ਚਾਹੁੰਦੀ ਹੈ, ਜਿਸ ਤੋਂ ਅਧਿਆਪਕ ਖੁਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਸਕੱਤਰ ਨੇ ਅਧਿਆਪਕਾਂ ਨਾਲ ਕੀਤੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਜੋ ਤਜਵੀਜ਼ ਲਿਆਂਦੀ ਜਾ ਰਹੀ ਹੈ। 


ਉਸ ਦਾ ਵੀ ਅਧਿਆਪਕਾਂ ਵੱਲੋਂ ਵਿਰੋਧ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਧਿਆਪਕ ਪੰਜਾਬ ਦੇ ਮਿਡਲ ਸਕੂਲਾਂ ਨੂੰ ਬੰਦ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਸਾਂਝਾ ਸੰਘਰਸ਼ ਮੋਰਚਾ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਜੇਕਰ ਸਰਕਾਰ ਨੇ ਜਲਦ ਹੀ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ 'ਚ ਸਰਕਾਰ ਖਿਲਾਫ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।