School Bus Accident: ਡਰਾਈਵਰਾਂ ਦੀ ਲਾਪਰਵਾਹੀ ਕਾਰਨ ਆਏ ਦਿਨ ਹੀ ਸਕੂਲੀ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਵਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਬੱਸ ਵਿੱਚ ਸਵਾਰ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ।


COMMERCIAL BREAK
SCROLL TO CONTINUE READING

ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਹੈ। ਬੱਸ ਪਲਟਣ ਤੋਂ ਬਾਅਦ ਮਾਪਿਆਂ ਨੇ ਮੌਕੇ ਉਤੇ ਪਹੁੰਚ ਕੇ ਬੱਚਿਆਂ ਨੂੰ ਆਪਣੇ-ਆਪਣੇ ਵਾਹਨਾਂ ਉਤੇ ਘਰ ਲੈ ਗਏ। ਇਸ ਬੱਸ ਵਿੱਚ ਚਾਰ ਅਧਿਆਪਕ ਵੀ ਸਵਾਰ ਸਨ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਡਰਾਈਵਰ ਸਹੀ ਤਰ੍ਹਾਂ ਬੱਸ ਨੂੰ ਨਹੀਂ ਸੀ ਚਲਾਉਂਦਾ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਤੋਂ ਪਤਾ ਲੱਗਾ ਸੀ ਕਿ ਪਿੰਡ ਚੱਕਵਾਲੀ ਵਿੱਚ ਸਕੂਲ ਦੀ ਬੱਸ ਪਲਟ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਬੱਸ ਹੇਠੋਂ ਕੱਢਿਆ। ਉਨ੍ਹਾਂ ਨੇ ਕਿਹਾ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।


ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ ਇਸ ਬੱਸ ਦਾ ਡਰਾਈਵਰ ਨਸ਼ੇ ਕਰਦਾ ਹੈ ਜਿਸਦੀ ਕਈ ਵਾਰ ਸ਼ਿਕਾਇਤ ਸਕੂਲ ਪ੍ਰਬੰਧਕਾਂ ਨੂੰ ਦਿੱਤੀ ਗਈ ਸੀ ਅਤੇ ਡਰਾਈਵਰ ਬਦਲਣ ਦੀ ਮੰਗ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਕਰਕੇ ਇਹ ਹਾਦਸਾ ਵਾਪਰ ਗਿਆ ਹੈ।


ਇੱਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰੇਣੂ ਬਾਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਕਿ ਬੱਸ ਹਾਦਸਾਗ੍ਰਸਤ ਹੋ ਗਈ ਹੈ, ਉਨ੍ਹਾਂ ਨੇ ਮੌਕੇ ਉਤੇ ਪਹੁੰਚ ਕੇ ਜਗਮੀਤ ਬੱਚਿਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਾਪਤ ਕਰਵਾਈ ਤੇ ਜਿਹੜੇ ਬੱਚੇ ਗੰਭੀਰ ਜ਼ਖ਼ਮੀ ਸਨ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।


ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਕਿਸੇ ਵੀ ਬੱਚਿਆਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਡਰਾਈਵਰ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ। ਜੇ ਸ਼ਿਕਾਇਤ ਦਰਜ ਕਰਵਾਈ ਹੁੰਦੀ ਤਾਂ ਉਹ ਡਰਾਈਵਰ ਖ਼ਿਲਾਫ਼ ਜ਼ਰੂਰ ਐਕਸ਼ਨ ਲੈਂਦੇ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਹੁਣ ਬੱਚਿਆਂ ਨੂੰ ਸਹੀ ਸਲਾਮਤ ਘਰਾਂ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਡਰਾਈਵਰ ਦੇ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Nangal Flyover News: ਨੰਗਲ ਦਾ ਫਲਾਈਓਵਰ ਜਲਦ ਹੋਵੇਗਾ ਸ਼ੁਰੂ, ਰਾਹਗੀਰਾਂ ਨੂੰ ਮਿਲੇਗੀ ਲੰਬੇ ਜਾਮ ਤੋਂ ਰਾਹਤ



ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ