Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ 'ਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ।
Trending Photos
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿੱਤਾਂ ਅਤੇ ਮਸਲਿਆਂ ਉੱਤੇ ਵਿਆਪਕ ਪਹੁੰਚ ਅਪਣਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ਉਤੇ ਜ਼ੋਰ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਸੱਦੀ ਗਈ ਸੀ। ਤਕਰੀਬਨ ਢਾਈ ਘੰਟੇ ਚੱਲੀ ਇਸ ਇਕੱਤਰਤਾ ਵਿੱਚ 10 ਤੋਂ ਵੀ ਘੱਟ ਵਿਦਵਾਨ ਸ਼ਾਮਲ ਹੋਏ ਅਤੇ ਕੁਝ ਵਿਦਵਾਨਾਂ ਨੇ ਆਪਣੀ ਰਾਏ ਲਿਖਤੀ ਰੂਪ ਵਿੱਚ ਭੇਜੀ ਹੈ। ਸਿੱਖ ਵਿਦਵਾਨ ਹਰਸਿਮਰਨ ਸਿੰਘ ਤੇ ਐਚਐਸ ਫੁਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਉਨ੍ਹਾਂ ਨੇ ਆਪਣੀ ਰਾਏ ਦੇ ਦਿੱਤੀ ਹੈ। ਹੁਣ ਫੈਸਲੇ ਦਾ ਅਧਿਕਾਰ ਪੰਜ ਸਿੰਘ ਸਾਹਿਬਾਨ ਦਾ ਹੀ ਬਣਦਾ ਹੈ ਜੋ ਇਸ ਫੈਸਲੇ ਨੂੰ ਸੰਗਤ ਦੇ ਸਨਮੁਖ ਰੱਖਣਗੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਵੀ ਇਸ ਇਕੱਤਰਤਾ ਵਿਚ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ।
ਇਸ ਮੌਕੇ ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਸਿੰਘ ਸਾਹਿਬਾਨ ਨੇ ਸਾਂਝੇ ਤੌਰ ਉਤੇ ਕਿਹਾ ਕਿ ਸਮੇਂ-ਸਮੇਂ ਪੰਥ ਵਿਚ ਕੌਮੀ ਮੁੱਦਿਆਂ ਉਤੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਅਤੇ ਇਸ ਰਵਾਇਤ ਨੂੰ ਅੱਗੇ ਤੋਂ ਵੀ ਕਾਇਮ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : Jasvir Singh Garhi: ਬਸਪਾ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ, ਕਰੀਮਪੁਰੀ ਹੋਣਗੇ ਪੰਜਾਬ ਦੇ ਨਵੇਂ ਪ੍ਰਧਾਨ
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ‘ਤੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਵਿਸ਼ਾਲ ਪੰਥਕ ਸੰਦਰਭ ਵਿਚ ਕੌਮ ਦੀ ਸਾਂਝੀ ਅਤੇ ਇਕਮਤ ਰਾਏ ਨੂੰ ਸਿੱਖ ਸੰਸਥਾਵਾਂ ਦੇ ਅਮਲਾਂ ਦਾ ਹਿੱਸਾ ਬਣਾ ਕੇ ਪੰਥ ਨੂੰ ਨਵੇਂ ਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ 'ਚ ਗ੍ਰੇਨੇਡ ਸੁੱਟਣ ਦੇ ਮਾਮਲੇ ਵਿੱਚ ਨਵੀਂ ਐਫਆਈਆਰ ਦਰਜ