ਚੰਡੀਗੜ੍ਹ- ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕਿਸਾਨ ਅਤੇ ਸਰਕਾਰਾਂ ਹਮੇਸ਼ਾ ਆਹਮੋ- ਸਾਹਮਣੇ ਰਹੀਆਂ ਹਨ। ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਸਹਿਯੋਗ ਮੰਗਿਆ ਜਾ ਰਿਹਾ ਹੈ। ਦਿੱਲੀ ਸਰਕਾਰ ਵੱਲੋਂ ਵੀ ਅਕਸਰ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਾਰਨ ਪਰਾਲੀ ਨੂੰ ਠਹਿਰਾਇਆ ਜਾਂਦਾ ਰਿਹਾ ਹੈ। ਪਰ ਇਸ ਵਾਰ ਪੰਜਾਬ ਤੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਹੈ। ਜਿਸ ਦੇ ਚਲਦਿਆ ਦੋਵਾਂ ਸਰਕਾਰਾਂ ਵੱਲੋਂ ਇਸ ਸਬੰਧੀ ਰਸਤਾ ਲੱਭਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ।


COMMERCIAL BREAK
SCROLL TO CONTINUE READING

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸਨ ਨੂੰ ਰੋਕਣ ਲਈ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਦੇ 1500 ਰੁਪਏ ਮੁਆਵਜ਼ੇ ਵਾਲੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਇਸ ਨੂੰ ਲੈ ਕੇ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਨੂੰ ਲੈ ਕੇ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾਂਭਣ ਲਈ ਖੇਤੀ ਸੰਦ ਵੀ ਸਸਤੇ ਭਾਅ ‘ਤੇ ਮੁਹੱਈਆ ਕਰਵਾਏ ਜਾਣਗੇ।


ਦੱਸਦੇਈਏ ਕਿ ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਪਰਾਲੀ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ।  ਮੁੱਖ ਮੰਤਰੀ ਭਗਵੰਤ ਮਾਨ ਲਾਇਵ ਹੋਏ ਤੇ ਕਿਹਾ ਕਿ ਜੇਕਰ  ਕੇਂਦਰ ਸਰਕਾਰ ਮਦਦ ਨਹੀਂ ਕਰ ਰਹੀ ਤਾਂ ਅਸੀਂ ਇਸ ਪਰਾਲੀ ਦੇ ਮੁੱਦੇ ਨੂੰ ਲੈ ਕੇ ਹੱਥ ’ਤੇ ਹੱਥ ਧਰ ਕੇ ਨਹੀਂ ਬੈਠਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੱਕ ਪਰਾਲੀ ਨਾ ਸਾੜਨ ਨੂੰ ਲੈ ਕੇ ਵੱਧ ਤੋਂ ਵੱਧ ਸੁਨੇਹਾ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖਤਮ ਕਰਨ ਨੂੰ ਲੈ ਕੇ ਮਸ਼ੀਨਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਕਿਸਾਨਾ ਨੂੰ ਵੀ ਦੱਸਿਆ ਜਾਵੇਗਾ ਕੀ ਪਰਾਲੀ ਨੂੰ ਖਤਮ ਕਰਨਾ ਹੈ ਨਾ ਕਿ ਅੱਗ ਲਗਾਉਣੀ ਹੈ। 


WATCH LIVE TV