Mohali News: ਪੰਜਾਬ ਵਿੱਚ ਝੋਨੇ ਦੀ ਫਸਲ ਪੱਕਕੇ ਤਿਆਰ ਹੋ ਚੁੱਕੀ ਹੈ। ਸੂਬੇ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ ਸਰਕਾਰ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਕਿਸਾਨਾਂ ਨੇ ਕਈ ਥਾਂਈ ਝੋਨੇ ਦੀ ਫਸਲ ਕੱਟ ਵੀ ਲਈ ਹੈ। ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਖਰੀਦ, ਬੈਠਣ, ਆਉਣ ਜਾਣ ਸਮੇਤ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ ਜਿਸ ਲਈ ਪੁਖਤਾਂ ਪ੍ਰਬੰਧ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਸਾਉਣੀ ਸੀਜਨ 2024-25 ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਜਾਵੇਗੀ। ਇਸਦੇ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਸੀਜਨ ਦੌਰਾਨ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।


ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿੱਚ ਜਿਣਸ ਦੀ ਖਰੀਦ/ਵੇਚ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ਤੇ 1 ਅਕਤੂਬਰ ਤੋਂ ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸਵੇਰੇ 9 ਵਜੇ ਤੋਂ ਰਾਤ ਦੇ 8 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਚੇਅਰਮੈਨ ਨੇ ਦੱਸਿਆ ਕਿ ਸਾਫ਼ਟਵੇਅਰ ਸਬੰਧੀ ਕੰਪਿਊਟਰ ਸ਼ਾਖਾ ਵੱਲੋਂ ਹੈਲਪਲਾਈਨ ਨੰ. 0172-5101674, 9877937725, 8360899462 ਅਤੇ ਈਮੇਲ ਆਈ.ਡੀ. imspmbsupport@weexcel.in ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ-ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ।