Mohali News(ਮਨੀਸ਼ ਸ਼ੰਕਰ): ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਸੀਨੀਅਰ ਸਹਾਇਕ ਪਰਵਿੰਦਰ ਸਿੰਘ ਖੰਗੂੜਾ ਵੱਲੋਂ ਆਪਣੀ ਅਤੇ ਆਪਣੇ ਸਾਥੀਆਂ ਦੀ ਮੁਅੱਤਲੀ ਨੂੰ ਲੈ ਕੇ ਸੰਘਰਸ਼ ਦੀ ਸ਼ੁਰੂਆਤ ਕਰਦਿਆਂ ਐਜੂਕੇਸ਼ਨ ਬੋਰਡ ਦੇ ਬਾਹਰ ਰੈਲੀ ਕੱਢੀ ਗਈ । ਇਸ ਮੌਕੇ ਉਨ੍ਹਾਂ ਨੇ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਅਵੀਕੇਸ਼ ਗੁਪਤਾ ਸੰਯੁਕਤ ਸਕੱਤਰ ਮਹਿਰੋਕ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਨੂੰ ਸਾਜਿਸ਼ ਦੇ ਤਹਿਤ ਸਰਟੀਫਿਕੇਟਾਂ ਦੇ ਜਾਲ ਵਿੱਚ ਫਸਾਇਆ ਗਿਆ ਹੈ ਕਿਉਂਕਿ ਇਹ ਮਹਿਕਮਾ ਉਹਨਾਂ ਕੋਲ ਨਹੀਂ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਲਗਾਤਾਰ ਮੇਰੇ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਮੀਆਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਵੱਡੇ ਪੱਧਰ ਤੇ ਸਰਟੀਫਿਕੇਟਾਂ ਨੂੰ ਲੈ ਕੇ ਘਪਲੇ ਚੱਲ ਰਹੇ ਹਨ। ਜਿਸ ਦੀ ਜਾਂਚ ਕਿਸੇ ਇੰਡੀਪੈਂਡੈਂਟ ਏਜੰਸੀ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ।


ਦੂਸਰੇ ਪਾਸੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਯੂਨੀਅਨ ਦੇ ਸਕੱਤਰ ਅਤੇ ਜਨਰਲ ਸਕੱਤਰ ਵੱਲੋਂ ਵੀ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ 'ਤੇ ਵੱਡੇ ਸਵਾਲ ਖੜੇ ਕੀਤੇ। ਉਨ੍ਹਾਂ ਦਾ ਕਹਿਣ ਹੈ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ। ਜੇਕਰ ਪ੍ਰਧਾਨ ਨੂੰ ਮੁਲਜ਼ਮਾਂ ਮਸਲਿਆਂ ਵਿੱਚ ਸਸਪੈਂਡ ਕੀਤਾ ਗਿਆ ਹੁੰਦਾ ਤਾਂ ਯੂਨੀਅਨ ਵੱਲੋਂ ਉਨ੍ਹਾਂ ਨਾਲ ਜ਼ਰੂਰ ਖੜ੍ਹਦੇ। ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਦੇ ਸਹਾਇਕ ਕਰਮਚਾਰੀਆਂ ਨੂੰ ਸਸਪੈਂਡ ਕੀਤੇ ਜਾਣ ਨੂੰ ਲੈ ਕੇ ਮੁੜ ਤੋਂ ਜਾਂਚ ਦੀ ਮੰਗ ਕੀਤੀ ਗਈ ਹੈ। ਕਿਉਂਕਿ ਉਹ ਜੂਨੀਅਰ ਕਰਮਚਾਰੀ ਹਨ ਅਤੇ ਜੂਨੀਅਰ ਨੂੰ ਆਪਣੇ ਸੀਨੀਅਰ ਦੇ ਹੁਕਮ ਮੰਨੇ ਹੁੰਦੇ ਹਨ।


ਦੱਸਦਈਏ ਕਿ ਪੰਜਾਬ ਫਾਰਮੇਸੀ ਕੌਂਸਲ ਵੱਲੋਂ 4 ਅਪ੍ਰੈਲ 2024 ਦੇ ਪੱਤਰ ਰਾਹੀਂ ਬੋਰਡ ਦਫ਼ਤਰ ਦੇ ਧਿਆਨ ’ਚ ਲਿਆਂਦਾ ਗਿਆ ਕਿ ਉਹਨਾਂ ਵੱਲੋਂ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਬੋਰਡ ਨੂੰ ਸਾਲ 2023 ’ਚ ਭੇਜੇ ਗਏ ਸਨ। ਬੋਰਡ ਵੱਲੋਂ ਇਹਨਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ਤੇ ਦੋ ਰਿਪੋਰਟਾਂ ਭੇਜੀਆਂ ਗਈਆਂ, ਜਿਸ ਅਨੁਸਾਰ ਪਹਿਲੀ ਵਾਰ ਸਰਟੀਫਿਕੇਟਾਂ ਨੂੰ ਸਹੀ ਦੱਸਿਆ ਗਿਆ ਅਤੇ ਦੂਜੀ ਰਿਪੋਰਟ ’ਚ ਸਰਟੀਫਿਕੇਟ ਜਾਅਲੀ ਹੋਣ ਬਾਰੇ ਕਿਹਾ ਗਿਆ।


ਪੰਜਾਬ ਫਾਰਮੇਸੀ ਕੌਂਸਲ ਵੱਲੋਂ ਭੇਜੇ ਪੱਤਰ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਮੁੱਢਲੀ ਪੜਤਾਲ ਸੰਯੁਕਤ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪਾਸੋਂ ਕਰਵਾਈ ਗਈ। ਪੜਤਾਲ ਅਫ਼ਸਰ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਕੇਸ ਨਾਲ ਸਬੰਧਤ ਬੋਰਡ ਦਫ਼ਤਰ ਦੇ ਕਰਮਚਾਰੀਆਂ ਦੇ ਬਿਆਨਾਂ ਦੇ ਆਧਾਰ ਤੇ ਪੇਸ਼ ਕੀਤੀ ਗਈ ਪੜਤਾਲ ਰਿਪੋਰਟ ਅਨੁਸਾਰ ਹਵਾਲੇ ਅਧੀਨ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਵਿਚ ਵੱਡੇ ਪੱਧਰ ਤੇ ਖਾਮੀਆਂ ਪਾਈਆਂ ਗਈਆਂ ਹਨ ਅਤੇ ਕੇਸ ਨਾਲ ਸਬੰਧਤ ਰਿਕਾਰਡ ਨਾਲ ਛੇੜਛਾੜ ਕੀਤੀ ਹੋਈ ਪਾਈ ਗਈ ਹੈ।


ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੜਤਾਲ ਰਿਪੋਰਟ ਵਿਚ ਨਾਮਜ਼ਦ ਹੋਏ ਬੋਰਡ ਦੇ ਕਰਮਚਾਰੀਆਂ ਪਰਵਿੰਦਰ ਸਿੰਘ ਸੀਨੀਅਰ ਸਹਾਇਕ, ਰਣਜੀਤ ਸਿੰਘ ਅਤੇ ਰਾਜਿੰਦਰ ਸਿੰਘ, ਹੈਲਪਰਜ਼, ਸਰਟੀਫਿਕੇਟ ਸ਼ਾਖਾ ਨੂੰ ਤੁਰੰਤ ਪ੍ਰਭਾਵ ਨਾਲ ਬੋਰਡ ਦੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।