Nanakshahi Sammat: ਅੱਜ ਪੂਰੇ ਵਿਸ਼ਵ ਵਿੱਚ ਵੱਸਦਾ ਸਿੱਖ ਭਾਈਚਾਰੇ ਵੱਲੋਂ ਨਾਨਕਸ਼ਾਹੀ ਸੰਮਤ 556 ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਦਰਅਸਲ ਦੇਸੀ ਸਾਲ ਦਾ ਪਹਿਲਾ ਮਹੀਨਾ ਚੇਤ ਹੁੰਦਾ ਹੈ ਅਤੇ ਅੱਜ 1 ਚੇਤ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਚੇਤ ਸਾਲ ਦਾ ਪਹਿਲਾ ਮਹੀਨਾ ਹੈ। ਨਵੇਂ ਸਾਲ ਦੀ ਆਮਦ ਨੂੰ ਲੈ ਕੇ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਭਾਰੀ ਰੌਣਕ ਪਾਈ ਜਾ ਰਹੀ ਹੈ।


COMMERCIAL BREAK
SCROLL TO CONTINUE READING

ਪੰਜਾਬ ਦੇ ਗੁਰਦੁਆਰਿਆਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਨਵੇਂ ਵਰ੍ਹੇ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ ਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਿਛੋਕੜ ਤੋਂ ਸਿਖਣ ਦੀ ਸਲਾਹ ਦਿੱਤੀ।


 



 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਨੂੰ ਨਾਨਕਸ਼ਾਹੀ ਸੰਮਤ 556 ਦੀ ਮੁਬਾਰਕਬਾਦ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਵੀ ਸੰਗਤ ਨੂੰ ਵਧਾਈ ਦਿੱਤੀ ਹੈ। ਚੇਤ ਮਹੀਨੇ ਨੂੰ ਸਿੱਖ ਧਰਮ ਵਿੱਚ ਕਾਫੀ ਅਹਿਮ ਮੰਨਿਆ ਜਾਂਦਾ ਹੈ। ਇਸ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦਾ ਤਿਉਹਾਰ ਮਨਾਇਆ ਜਾਂਦਾ ਹੈ। ਹੋਲੀ, ਨਰਾਤੇ ਅਤੇ ਰਾਮਨੌਮੀ ਵੀ ਇਸ ਮਹੀਨੇ ਹੁੰਦੇ ਹਨ।


 



 


ਇਸ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਹੈ। ਐਕਸ ਹੈਂਡਲ ਉਪਰ ਉਨ੍ਹਾਂ ਨੇ ਪੋਸਟ ਸਾਂਝੀ ਕਰਕੇ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ।


 



 


ਕਾਬਿਲੇਗੌਰ ਹੈ ਕਿ ਫਰਵਰੀ ਮਹੀਨੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ ਸੀ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਤਾ ਗਿਆ ਸੀ। ਕੈਲੰਡਰ ਜਾਰੀ ਕਰਨ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਸੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ।


ਉਨ੍ਹਾਂ ਕਿਹਾ ਸੀ ਕਿ ਹਰ ਕੌਮ ਦਾ ਆਪਣਾ ਕੈਲੰਡਰ ਹੁੰਦਾ ਹੈ ਜਿਸ ਅਨੁਸਾਰ ਕੌਮਾਂ ਆਪਣੇ ਧਾਰਮਿਕ ਤੇ ਇਤਿਹਾਸਕ ਦਿਹਾੜੇ ਮਨਾਉਂਦੀਆਂ ਹਨ। ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ। ਉਨ੍ਹਾਂ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ-ਘਰ ਅਤੇ ਆਪੋ-ਆਪਣੇ ਘਰਾਂ ਵਿਚ ਲਗਾਉਣ ਦੀ ਅਪੀਲ ਵੀ ਕੀਤੀ ਸੀ।


ਇਹ ਵੀ ਪੜ੍ਹੋ : Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਮਾਰਚ 2024