Punjab News: ਅੱਤਵਾਦ ਸਮੇਂ ਪੁਲਿਸ ਵੱਲੋਂ ਪੰਜਾਬ ਵਿੱਚ ਹਜ਼ਾਰਾਂ ਨੌਜਵਾਨਾਂ ਦੇ ਲਾਪਤਾ, ਹੱਤਿਆ ਅਤੇ ਸਸਕਾਰ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕਰੋਟ ਵਿੱਚ ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਵੱਲੋਂ ਐਸ.ਆਈ.ਟੀ. ਬਣਾ ਕੇ ਜਾਂਚ ਕਰਨ ਦੀ ਮੰਗ ਨੂੰ ਲੈ ਕੇ ਜਨਹਿਤ ਪਟੀਸ਼ਨ ਪਾਈ ਗਈ ਸੀ। ਪਟੀਸ਼ਨ ਵਿੱਚ ਮੰਗ ਕੀਤੀ ਜਾ ਰਹੀ ਹੈ ਕਿ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰ ਆਪਣਾ ਜੁਆਬ ਦਾਖਿਲ ਕਰ ਲਿਆ ਆਖਿਆ ਹੈ।


COMMERCIAL BREAK
SCROLL TO CONTINUE READING

ਪਟੀਸ਼ਨਰ ਸੰਸਥਾ ਵੱਲੋਂ ਪੇਸ਼ ਹੋਏ ਵਕੀਲ ਆਰ.ਐਸ. ਬੈਂਸ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਸਾਲ 1995 ਵਿੱਚ ਸੁਪਰੀਮ ਕੋਰਟ ਨੇ ਜੀ.ਐਸ.ਟੌਹੜਾ ਵੱਲੋਂ ਇਸੇ ਤਰ੍ਹਾਂ ਦੇ ਇੱਕ ਕੇਸ ਬਾਰੇ ਭੇਜੇ ਪੱਤਰ ਦਾ ਨੋਟਿਸ ਲਿਆ ਅਤੇ ਕੇਸ ਸੀ.ਬੀ.ਆਈ. ਨੂੰ ਤਬਦੀਲ ਕਰ ਜਾਂਚ ਦੇ ਹੁਕਮ ਦਿੱਤੇ ਸਨ।


ਸੀ.ਬੀ.ਆਈ. ਨੇ 1996 'ਚ ਸੁਪਰੀਮ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ 1984 ਤੋਂ 1994 ਦਰਮਿਆਨ ਇਕੱਲੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਮੁਰਦਾਘਾਟ ਵਿੱਚ 984 ਲੋਕਾਂ ਦਾ ਗੈਰ-ਕਾਨੂੰਨੀ ਢੰਗ ਨਾਲ ਸਸਕਾਰ ਕੀਤਾ ਗਿਆ ਸੀ।


ਬੈਂਸ ਨੇ ਹਾਈਕੋਰਟ ਨੂੰ ਦੱਸਿਆ ਕਿ 1984 ਤੋਂ 1995 ਦਰਮਿਆਨ ਪੁਲਿਸ ਮੁਕਾਬਲੇ 6733 ਦੇ ਕਰੀਬ ਲੋਕਾਂ ਦੀ ਹਿਰਾਸਤੀ ਮੌਤ ਅਤੇ ਉਨ੍ਹਾਂ ਦੀਆਂ ਲਾਸ਼ਾਂ ਦਾ ਸਸਕਾਰ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਅਜਿਹੇ ਮਾਮਲਿਆਂ 'ਚ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ 'ਚੋਂ ਸਿਰਫ਼ ਦੋ ਫੀਸਦੀ ਨੂੰ ਹੀ ਦੋਸ਼ੀ ਠਹਿਰਾਇਆ ਗਿਆ ਹੈ।


ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਜੇਕਰ ਸੂਬੇ ਦੇ ਸਾਰੇ ਮੁਰਦਾਘਾਟ ਤੋਂ ਉਸ ਸਮੇਂ ਦੀ ਜਾਣਕਾਰੀ ਇਕੱਠੀ ਕੀਤੀ ਜਾਵੇ ਤਾਂ ਹੋਰ ਵੀ ਕਈ ਮਾਮਲੇ ਸਾਹਮਣੇ ਆ ਸਕਦੇ ਹਨ। ਇਸ ਲਈ ਪਟੀਸ਼ਨਰ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ ਸੰਸਥਾ ਅਤੇ 9 ਹੋਰ ਵਿਅਕਤੀਆਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਨ੍ਹਾਂ ਮਾਮਲਿਆਂ ਦੀ ਉੱਚ ਪੱਧਰੀ ਜਾਂਚ, ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।