Farmers Protest News: ਅਧਿਕਾਰੀਆਂ ਨੇ ਡੀਏਪੀ ਖ਼ਾਦ ਬਣਾਉਣ ਵਾਲੀਆਂ ਕੰਪਨੀਆਂ ਤੋਂ ਮੋਟੀ ਕਮਿਸ਼ਨ ਲਈ: ਕਿਸਾਨ ਆਗੂ
Farmers Protest News: ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਕਿਸਾਨ ਮਸਲਿਆਂ ਉਤੇ ਹੰਗਾਮੀ ਮੀਟਿੰਗ ਹੋਈ।
Farmers Protest News (ਜਗਮੀਤ ਸਿੰਘ): ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਨਿਵਾਸ ਵਿੱਚ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਹੇਠ ਕਿਸਾਨ ਮਸਲਿਆਂ ਉਤੇ ਹੰਗਾਮੀ ਮੀਟਿੰਗ ਹੋਈ। ਇਸ ਵਿੱਚ 14 ਜ਼ਿਲਿਆਂ ਦੇ ਪ੍ਰਧਾਨ ਅਤੇ ਵਰਕਰ ਅਤੇ ਸੂਬਾ ਕਮੇਟੀ ਦੇ ਅਹੁਦੇਦਾਰ ਸ਼ਾਮਿਲ ਹੋਏ।
ਉਥੇ ਹੀ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਵਿਸ਼ੇਸ਼ ਤੌਰ ਉਤੇ ਪਹੁੰਚੇ। ਕਿਸਾਨ ਆਗੂ ਬਹਿਰੂ ਨੇ ਸਰਕਾਰ ਉਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮਾਰਕਫੈੱਡ ਦੇ ਕੁੱਝ ਆਲਾ ਅਫ਼ਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਦੋ ਉੱਚ ਅਧਿਕਾਰੀਆਂ ਨੇ ਡੀਏਪੀ ਖ਼ਾਦ ਬਣਾਉਣ ਵਾਲੀਆਂ ਕੰਪਨੀਆਂ ਤੋਂ ਮੋਟਾ ਕਮਿਸ਼ਨ ਲੈਕੇ ਕਿਸਾਨਾਂ ਤੱਕ ਨਕਲੀ ਖਾਦ ਭੇਜੀ।
ਕਿਸਾਨ ਜਥੇਬੰਦੀ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਵੀ ਮੀਟਿੰਗ ਵਿੱਚ ਸ਼ਾਮਿਲ ਹੋ ਕੇ ਪਿਛਲੇ 7 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਜਥੇਬੰਦੀ ਨਾਲ ਜੁੜੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਲਾਹ ਦਿੱਤੀ। ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਚੱਲ ਰਹੇ ਧਰਨਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਆਗੂ ਬਹਿਰੂ ਨੇ ਦੱਸਿਆ ਕਿ ਪਿਛਲੇ ਮਈ ਜੂਨ ਵਿੱਚ ਪੰਜਾਬ ਸਰਕਾਰ ਦੇ ਮਹਿਕਮੇ ਮਾਰਕਫੈੱਡ ਦੇ ਕੁੱਝ ਆਲ਼ਾ ਅਫ਼ਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਦੋ ਉੱਚ ਅਧਿਕਾਰੀਆਂ ਨੇ ਡੀਏਪੀ ਖ਼ਾਦ ਬਣਾਉਣ ਵਾਲੀਆਂ ਕੰਪਨੀਆਂ ਤੋਂ ਮੋਟੇ ਕਮਿਸ਼ਨ ਲੈ ਕੇ ਪੰਜਾਬ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਵਿੱਚ ਨਕਲੀ ਸਬਸਟੈਂਡਰਡ ਖ਼ਾਦ ਭੇਜ ਦਿੱਤੀ ਸੀ ਤੇ ਇਨ੍ਹਾਂ ਕੰਪਨੀਆਂ ਦੇ ਡੀਏਪੀ ਖ਼ਾਦ ਦੇ ਸੈਂਪਲ ਵੱਡੀ ਪੱਧਰ ਉਤੇ ਫੇਲ੍ਹ ਹੋ ਗਏ ਸਨ।
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਤੇ ਖੇਤੀਬਾੜੀ ਮੰਤਰੀ ਅਤੇ ਪੰਜਾਬ ਸਰਕਾਰ ਦੇ ਸਬੰਧਤ ਉੱਚ ਅਧਿਕਾਰੀਆਂ ਨੂੰ ਲਿਖਤੀ ਰਜਿਸਟਰ ਲੈਟਰ ਲਿਖ ਕੇ ਮੰਗ ਕੀਤੀ ਸੀ ਕਿ ਸਬਸਟੈਂਡਰਡ ਡੀਏਪੀ ਖ਼ਾਦ ਬਣਾਉਣ ਵਾਲੀਆਂ 2 ਕੰਪਨੀਆਂ ਮੱਧਿਆ ਭਾਰਤ ਐਗਰੋ ਪ੍ਰਾਡਕਟਸ ਲਿਮਟਿਡ ਤੇ ਮੈਸਰਜ਼ ਕ੍ਰਿਸ਼ਨਾ ਫੋਇਸਕੈਮ ਪ੍ਰਾਈਵੇਟ ਲਿਮਟਿਡ ਦੇ ਲਾਇਸੈਂਸ ਰੱਦ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਉਣ ਵਾਲੀਆਂ ਕੰਪਨੀਆਂ ਦੇ ਮਾਲਕਾਂ ਅਤੇ ਸਬੰਧਿਤ ਮਾਰਕਫੈੱਡ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਖ਼ਿਲਾਫ਼ ਧੋਖਾਧੜੀ ਦੇ ਮੁਕੱਦਮੇ ਦਰਜ ਕੀਤੇ ਜਾਣ ਪਰ ਜੱਥੇਬੰਦੀ ਨੂੰ ਪਤਾ ਲੱਗਿਆ ਹੈ ਕਿ ਇਸ ਨੰਗੇ ਹੋਏ ਬਹੁ ਕਰੋੜੀ ਖ਼ਾਦ ਘਪਲੇ ਨੂੰ ਭ੍ਰਿਸ਼ਟ ਅਧਿਕਾਰੀ ਦਬਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।
ਸਖ਼ਤ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਮੀਡੀਆ ਰਾਹੀਂ ਇੱਕ ਮਹੀਨੇ ਦਾ ਨੋਟਿਸ ਦਿੰਦਿਆਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਅਤੇ ਖ਼ਾਦ ਬਣਾਉਣ ਵਾਲੀਆਂ ਕੰਪਨੀਆਂ ਦੇ ਖਿਲਾਫ ਤੁਰੰਤ ਮੁੱਕਦਮੇ ਦਰਜ਼ ਕੀਤੇ ਜਾਣ ਜੇ ਸਰਕਾਰ ਹਰਕਤ ਵਿੱਚ ਨਾ ਆਈ ਤਾਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਹਾਈ ਕੋਰਟ ਵਿਚ ਇਕ ਜਨਤਕ ਰਿੱਟ ਦਾਇਰ ਕਰ ਕੇ ਮੁਲਜ਼ਮ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰੇਗੀ।
ਮੀਟਿੰਗ ਵਿੱਚ ਇੱਕ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਪੰਜਾਬ ਕਮੇਟੀ ਭੰਗ ਕੀਤੀ ਗਈ ਹੈ ਤੇ ਜ਼ਿਲ੍ਹਾ ਕਮੇਟੀਆਂ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਸਾਰੀ ਟੀਮ ਕਿਸਾਨ ਮਸਲਿਆਂ ਤੇ ਆਪਣੀਆਂ ਸਰਗਰਮੀਆਂ ਜਾਰੀ ਰੱਖਣਗੀਆਂ। ਮੀਟਿੰਗ ਵਿੱਚ ਇਹ ਵੀ ਸਰਬਸੰਮਤੀ ਬਣੀ ਕਿ ਪੰਜਾਬ ਕਮੇਟੀ ਦੀ ਨਵੀਂ ਚੋਣ 1 ਅਕਤੂਬਰ ਤੋਂ ਪਹਿਲਾਂ ਅਤੇ ਨਵੀਂ ਬਣੀ ਸੂਬਾ ਕਮੇਟੀ ਵਿੱਚ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇ।