Punjab News: ਪੰਜਾਬ ਦੇ ਸਮੂਹ ਮਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵ-ਨਿਯੁਕਤ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣਾ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।


COMMERCIAL BREAK
SCROLL TO CONTINUE READING

ਅੱਜ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਆਨ ਲਾਈਨ ਸਮੀਖਿਆ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ, ਇਮਾਨਦਾਰ ਤੇ ਭ੍ਰਿਸ਼ਾਚਾਰ ਮੁਕਤ ਪ੍ਰਸ਼ਾਸਨ ਦੇਣਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਮਾਲ ਅਧਿਕਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣਾ ਯਕੀਨੀ ਬਣਾਉਣ ਅਤੇ ਦਫਤਰਾਂ ਵਿਖੇ ਕੰਮ ਲਈ ਆਏ ਆਮ ਲੋਕਾਂ ਦੇ ਬੈਠਣ ਦਾ ਪ੍ਰਬੰਧ, ਪੱਖੇ, ਪੀਣ ਦਾ ਪਾਣੀ ਅਤੇ ਬਾਥਰੂਮ ਆਦਿ ਪ੍ਰਬੰਧ ਤੁਰੰਤ ਕਰਨੇ ਯਕੀਨੀ ਬਣਾਉਣ।


ਮੁੰਡੀਆਂ ਨੇ ਸਪੱਸ਼ਟ ਆਦੇਸ਼ ਦਿੰਦਿਆਂ ਕਿਹਾ ਕਿ ਸਮੂਹ ਮਾਲ ਅਧਿਕਾਰੀ ਆਪਣੇ ਦਫਤਰਾਂ ਵਿਖੇ ਸਮੇਂ ਸਿਰ ਹਾਜ਼ਰ ਹੋਣ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਉਣ।


ਉਨ੍ਹਾਂ ਨੇ ਕਈ ਤਹਿਸੀਲਾਂ ਤੇ ਸਬ-ਤਹਿਸੀਲਾਂ ਵਿਖੇ ਰਜਿਸਟਰੀਆਂ ਕਰਨ ਦੇ ਇੱਕ ਜਾਂ ਦੋ ਦਿਨ ਨਿਰਧਾਰਿਤ ਕਰਨ ਨੂੰ ਰੱਦ ਕਰਦਿਆਂ ਹੁਕਮ ਦਿੱਤੇ ਕਿ ਹੁਣ ਪੰਜਾਬ ਭਰ ‘ਚ ਰੋਜ਼ਾਨਾ  ਰਜਿਸਟਰੀਆਂ ਕੀਤੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਖੱਜਲ ਖੁਆਰੀ ਨਾ ਹੋਵੇ।


ਮਾਲ ਮੰਤਰੀ ਨੇ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਆਮ ਲੋਕਾਂ ਤੋਂ ਸਰਕਾਰੀ ਫੀਸ ਤੋਂ ਬਿਨ੍ਹਾਂ ਕੋਈ ਵੀ ਵਾਧੂ ਪੈਸਾ ਨਾ ਲਿਆ ਜਾਵੇ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਜੋ ਵੀ ਅਧਿਕਾਰੀ/ਕਰਮਚਾਰੀ ਰਿਸ਼ਵਤਖੋਰੀ ਜਾਂ ਨਿਯਮਾਂ ਦੀ ਅਣਦੇਖੀ ਆਦਿ ਮਾਮਲਿਆਂ ‘ਚ ਸ਼ਾਮਲ ਪਾਇਆ ਗਿਆ ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਆਮ ਲੋਕਾਂ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਮਾਲ ਵਿਭਾਗ ਦੇ ਹਰ ਦਫਤਰ ਦੇ ਬਾਹਰ ਬੋਰਡ ‘ਤੇ ਵੱਟਸਅੱਪ ਨੰ: 84276 90000 ਲਿਖਿਆ ਜਾਵੇ।


ਮਾਲ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਣ ਸਤਿਕਾਰ ਕੀਤਾ ਜਾਵੇ ਅਤੇ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਮੁਕਤ ਹੋ ਕੇ, ਕਾਨੂੰਨ ਤੇ ਨਿਯਮਾਂ ‘ਚ ਰਹਿ ਕੇ ਮਾਲ ਵਿਭਾਗ ਨਾਲ ਸਬੰਧਤ ਜਾਇਜ਼ ਕੰਮ ਕੀਤੇ ਜਾਣ ਅਤੇ ਪੰਜਾਬ ਸਰਕਾਰ ਦੀਆਂ ਤਰਜੀਹਾਂ ਅਨੁਸਾਰ ਕੰਮ ਕੀਤਾ ਜਾਵੇ।


ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨਹਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਰੋਜ਼ ਸਮੂਹ ਮਾਲ ਅਧਿਕਾਰੀਆਂ ਦੀ ਹਾਜ਼ਰੀ ਲਾਗ ਇੰਨ ਪ੍ਰਣਾਲੀ ਰਾਹੀਂ ਚੈੱਕ ਕੀਤੀ ਜਾਵੇਗੀ ਤਾਂ ਜੋ ਸਮੂਹ ਅਧਿਕਾਰੀ ਸਮੇਂ ਸਿਰ ਦਫਤਰਾਂ ਵਿਖੇ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮ ਪ੍ਰਮੁੱਖਤਾ ਨਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਸਮੇਂ ਦੌਰਾਨ ਵਿਭਾਗ ਨੇ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਆਮਦਨ 3 ਹਜ਼ਾਰ ਕਰੋੜ ਤੋਂ ਵਧਾ ਕੇ 6 ਹਜ਼ਾਰ ਕਰੋੜ ਤੱਕ ਪਹੁੰਚਾ ਦਿੱਤੀ ਹੈ। ਇਸੇ ਤਰ੍ਹਾਂ 78 ਨਾਇਬ ਤਹਿਸੀਲਦਾਰਾਂ ਦੀ ਨਿਯੁਕਤੀ ਕਰਕੇ ਮਾਲ ਵਿਭਾਗ ਕੇ ਕੰਮਾਂ ‘ਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਮਾਲ ਮੰਤਰੀ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਪ੍ਰਮੁੱਖਤਾਵਾਂ ਅਨੁਸਾਰ ਮਾਲ ਵਿਭਾਗ ਲਗਾਤਾਰ ਕਾਰਜਸ਼ੀਲ ਹੈ ਅਤੇ ਪੂਰੀ ਮਿਹਨਤ ਨਾਲ ਲੋਕਾਂ ਨੂੰ ਸੇਵਾਂਵਾ ਅਤੇ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਹੈ।