Nabha News: ਪੰਜਾਬ ਵਿੱਚ ਇੱਕ ਅਕਤੂਬਰ ਨੂੰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਦਾਅਵਾ ਕੀਤਾ ਗਿਆ ਸੀ ਪਰ ਪੰਜਾਬ ਦੀਆਂ ਮੰਡੀਆਂ ਵਿੱਚ ਆਪਣੇ ਮਿਹਨਤਾਨੇ ਦੇ 25 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਦੀ ਹੜਤਾਲ ਕਾਰਨ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ। ਮਜ਼ਦੂਰ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।


COMMERCIAL BREAK
SCROLL TO CONTINUE READING

ਨਾਭਾ ਅਨਾਜ ਮੰਡੀ ਵਿੱਚ ਕਿਸਾਨ ਆਪਣੀ ਫ਼ਸਲ ਲੈ ਕੇ ਨਹੀਂ ਆ ਰਹੇ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਹੈ ਕਿ ਮੰਡੀ ਵਿੱਚ ਮਜ਼ਦੂਰ ਜਦੋਂ ਤੱਕ ਹੜਤਾਲ ਉਤੇ ਹਨ ਉਸ ਸਮੇਂ ਤੱਕ ਉਨ੍ਹਾਂ ਦੀ ਫ਼ਸਲ ਨੂੰ ਦੀ ਸਰਕਾਰੀ ਖ਼ਰੀਦ ਨਹੀਂ ਹੋਵੇਗੀ। ਜੋ ਕਿਸਾਨ ਆਪਣੀ ਫ਼ਸਲ ਲੈ ਕੇ ਪੁੱਜ ਰਹੇ ਹਨ, ਉਨ੍ਹਾਂ ਦੀ ਫ਼ਸਲ ਟਰਾਲੀ ਵਿੱਚੋਂ ਨਹੀਂ ਉਤਾਰੀ ਜਾ ਰਹੀ ਹੈ।


ਮਜ਼ਦੂਰਾਂ ਦੀ ਹੜਤਾਲ ਨਾਲ ਜਿੱਥੇ ਝੋਨੇ ਦੀ ਸਰਕਾਰੀ ਖ਼ਰੀਦ ਪ੍ਰਭਾਵਿਤ ਹੋਈ ਹੈ ਉੱਥੇ ਬਾਸਮਤੀ ਨੂੰ ਲੈ ਕੇ ਵੀ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ ਕਿਉਂਕਿ ਕਿਸਾਨ ਹੁਣ ਬਾਸਮਤੀ ਝੋਨੇ ਵੇਚਣ ਲਈ ਹਰਿਆਣੇ ਦੀ ਮੰਡੀਆਂ ਵੱਲ ਵੱਧ ਰਹੇ ਹਨ। ਇਸ ਸਬੰਧੀ ਗੱਲ ਕਰ ਰਹੇ ਮਜ਼ਦੂਰਾਂ ਦਾ ਕਹਿਣਾ ਹੈ ਕਿ ਬਹੁਤ ਲੰਬੇ ਸਮੇਂ ਤੋਂ ਉਨ੍ਹਾਂ ਦੀ ਮਜ਼ਦੂਰੀ ਵਿੱਚ ਵਾਧਾ ਨਹੀਂ ਕੀਤਾ ਗਿਆ।


ਉਨ੍ਹਾਂ ਦਾ ਕਹਿਣਾ ਹੈ ਕਿ 2011 ਵਿੱਚ ਅਕਾਲੀ ਦਲ ਸਰਕਾਰ ਸਮੇਂ ਹੀ ਮਜ਼ਦੂਰੀ ਵਿੱਚ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕੋਈ ਵਾਧਾ ਨਹੀਂ ਹੋਇਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ 25 ਫ਼ੀਸਦੀ ਵਾਧੇ ਦਾ ਵਾਅਦਾ ਕੀਤਾ ਸੀ ਜਿਸ ਨੂੰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੂਰਾ ਨਹੀਂ ਕੀਤਾ ਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਉਹ ਹੜਤਾਲ ਉਤੇ ਰਹਿਣਗੇ।


ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਦਾ ਕਹਿਣਾ ਹੈ ਕਿ ਨਾਭਾ ਅਨਾਜ ਮੰਡੀ ਵਿੱਚ ਮਜ਼ਦੂਰਾਂ ਦੀ ਹੜਤਾਲ ਕਰਕੇ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕਦੀ ਅਤੇ ਜਿਸ ਕਰਕੇ ਕਿਸਾਨ ਹੁਣ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਨਹੀਂ ਆ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਦੀ ਘੱਟ ਮਜ਼ਦੂਰੀ ਕਰਕੇ ਉਨ੍ਹਾਂ ਨੂੰ ਮੁਸ਼ਕਿਲ ਆ ਰਹੀ ਹੈ ਜਿਨ੍ਹਾਂ ਦੀ ਮੰਗ ਨੂੰ ਜਲਦ ਪੂਰਾ ਕੀਤਾ ਜਾਵੇ।


ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਨੇ ਅੱਜ ਝੋਨੇ ਦੇ ਖਰੀਦ ਨੂੰ ਲੈ ਕੇ ਬੁਲਾਈ ਉੱਚ ਪੱਧਰੀ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ