Panchayat Election 2024: ਪੰਚਾਇਤੀ ਚੋਣਾਂ ਦਾ ਰਾਹ ਹੋਇਆ ਪੱਧਰਾ, HC ਨੇ 1 ਹਜ਼ਾਰ ਤੋਂ ਵੱਧ ਪਟੀਸ਼ਨਾਂ ਕੀਤੀਆਂ ਰੱਦ
Panchayat Election 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 16 ਅਕਤੂਬਰ ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ `ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।
Panchayat Election 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 1 ਹਜ਼ਾਰ ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 16 ਵਾਰ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਇੱਥੇ ਵੋਟਿੰਗ ਹੋਵੇਗੀ।
ਪਾਰਟੀ ਦੇ ਨਿਸ਼ਾਨ 'ਤੇ ਨਹੀਂ ਚੋਣ, ਫਿਰ ਵੀ ਵਿਵਾਦ
ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।
ਦੱਸਦਈਏ ਕਿ ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।