ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ’ਚ ਘਬਰਾਹਟ
ਵਿਜੀਲੈਂਸ ਵਿਭਾਗ ਦੇ ਸੂਤਰਾਂ ਅਨੁਸਾਰ ਦੋ ਦਰਜਨ ਤੋਂ ਵੱਧ ਕਾਂਗਰਸੀ ਆਗੂ, ਜਿਨ੍ਹਾਂ ’ਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕਾਂ ਤੋਂ ਇਲਾਵਾ ਹਲਕਾ ਇੰਚਾਰਜਾਂ ’ਤੇ ਵੀ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।
ਚੰਡੀਗੜ੍ਹ: ਸਾਬਕਾ ਮੰਤਰੀ ਤੇ ਉੱਘੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਦੇ ਹੋਰਨਾਂ ਆਗੂਆਂ ਦੇ ਚਿਹਰਿਆਂ ’ਤੇ ਘਬਰਾਹਟ ਸਾਫ਼ ਦੇਖੀ ਜਾ ਸਕਦੀ ਹੈ। ਵਿਜੀਲੈਂਸ ਵਿਭਾਗ ਦੇ ਸੂਤਰਾਂ ਅਨੁਸਾਰ ਦੋ ਦਰਜਨ ਤੋਂ ਵੱਧ ਕਾਂਗਰਸੀ ਆਗੂ, ਜਿਨ੍ਹਾਂ ’ਚ ਸਾਬਕਾ ਮੰਤਰੀ, ਸਾਬਕਾ ਤੇ ਮੌਜੂਦਾ ਵਿਧਾਇਕਾਂ ਤੋਂ ਇਲਾਵਾ ਹਲਕਾ ਇੰਚਾਰਜਾਂ ’ਤੇ ਵੀ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।
ਤਕਰੀਬਨ 30 ਕਾਂਗਰਸੀ ਆਗੂਆਂ ਦੀ ਘਪਲੇ ’ਚ ਭੂਮਿਕਾ ਬਾਰੇ ਜਾਂਚ ਸ਼ੁਰੂ
ਸੂਬੇ ’ਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੇ ਆਉਣ ਤੋਂ ਬਾਅਦ ਵਿਜੀਲੈਂਸ ਬਿਓਰੋ (Vigilance bureau) ਦੇ ਅਧਿਕਾਰੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਸਮੇਂ ਹੋਈਆਂ ਬੇਨਿਯਮੀਆਂ ਤੇ ਘਪਲਿਆਂ ਨੂੰ ਘੋਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਘਪਲਿਆਂ ਸਬੰਧੀ ਠੋਸ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਖ਼ੁਰਾਕ ਤੇ ਸਪਲਾਈ ਵਿਭਾਗ ’ਚ ਆਵਾਜਾਈ, ਲੇਬਰ ਅਤੇ ਹੋਰਨਾਂ ਕੰਮਾਂ ਨਾਲ ਜੁੜੇ ਵਿੱਤੀ ਲੈਣ-ਦੇਣ ਦੇ ਮਾਮਲੇ ’ਚ ਤਕਰੀਬਨ 30 ਕਾਂਗਰਸੀ ਆਗੂਆਂ ਦੀ ਭੂਮਿਕਾ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਕਈ ਅਧਿਕਾਰੀ ਕਾਰਵਾਈ ਤੋਂ ਬਚਣ ਲਈ ਹੱਥ-ਪੈਰ ਮਾਰਨ ਲੱਗੇ
ਉੱਧਰ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਦੱਬੀ ਆਵਾਜ਼ ’ਚ ਇਹ ਵੀ ਕਹਿੰਦੇ ਸੁਣੇ ਜਾ ਸਕਦੇ ਹਨ ਕਿ ਪਿਛਲੀ ਸਰਕਾਰ ਦੌਰਾਨ ਸਿਆਸਤਦਾਨਾਂ ਦੁਆਰਾ ਮਨਮਰਜ਼ੀ ਦੇ ਠੇਕੇਦਾਰਾਂ ਨੂੰ ਟੈਂਡਰ ਅਲਾਟ ਕਰਨ ਸਮੇਂ ਇੱਕ ਆਈਏਐੱਸ ਅਧਿਕਾਰੀ (IAS Officer) ਦੁਆਰਾ ਫਾਈਲਾਂ ’ਤੇ ਕੀਤੀਆਂ ਗਈਆਂ ਟਿੱਪਣੀਆਂ ਵੀ ਜਾਂਚ ’ਚ ਸਹਾਈ ਹੋ ਰਹੀਆ ਹਨ। ਸਬੰਧਤ ਵਿਭਾਗ ’ਚ ਤਾਇਨਾਤ ਰਹੇ ਇੱਕ ਸੀਨੀਅਰ ਅਧਿਕਾਰੀ ਦੀ ਭੂਮਿਕਾ ਤਾਂ ਵਿਭਾਗ ’ਚ ਹੋਈਆਂ ਬੇਨਿਯਮੀਆਂ ਤੇ ਘਪਲੇ ’ਚ ਸਾਹਮਣੇ ਆਉਣ ਤੋਂ ਬਾਅਦ ਇਹ ਅਧਿਕਾਰੀ ਆਪਣੇ ਬਚਾਅ ਲਈ ਹੱਥ ਪੈਰ ਵੀ ਮਾਰਨ ਲੱਗਾ ਹੈ।
ਮੁੱਖ ਮੰਤਰੀ ਦਫ਼ਤਰ ਤੋਂ ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਮੌਜੂਦਾ ਸਰਕਾਰ ਨੂੰ ਆਪਣਾ ਅਕਸ ਸੁਧਾਰਣ ਸਬੰਧੀ ਪਿਛਲੀ ਸਰਕਾਰਾਂ ਦੌਰਾਨ ਹੋਏ ਘਪਲਿਆਂ ਦੇ ਮਾਮਲੇ ’ਚ ਕਾਰਵਾਈ ਕਰਨੀ ਹੀ ਪੈਣੀ ਹੈ ਤੇ ਇਸ ਮਾਮਲੇ ’ਚ ਬਕਾਇਦਾ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵਲੋਂ ਲਈ ਜਾ ਰਹੀ ਹੈ।