Patiala News: ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
Patiala News: ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ `ਤੇ ਪੰਜਾਬ ਪੁਲਿਸ ਦੀ ਟੁਕੜੀ ਨੇ `ਗਾਰਡ ਆਫ਼ ਆਨਰ` ਪੇਸ਼ ਕਰਕੇ ਸਲਾਮੀ ਦਿੱਤੀ।
Patiala News: 2014 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ਼ੌਕਤ ਅਹਿਮਦ ਪਰੇ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਡੀ.ਸੀ. ਬਠਿੰਡਾ ਵਜੋਂ ਹੋਈ ਹੈ।
ਡਾ. ਪ੍ਰੀਤੀ ਯਾਦਵ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਪਟਿਆਲਾ ਜ਼ਿਲ੍ਹਾ ਉਨ੍ਹਾਂ ਲਈ ਨਵਾਂ ਨਹੀਂ ਹੈ ਕਿਉਂਕਿ ਉਹ ਪਹਿਲਾਂ ਵੀ ਇੱਥੇ ਬਤੌਰ ਏ.ਡੀ.ਸੀ. ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹ ਜ਼ਿਲ੍ਹੇ ਬਾਰੇ ਚੰਗੀ ਤਰ੍ਹਾਂ ਜਾਣੂ ਹਨ।' ਡਾ. ਯਾਦਵ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਦੁਬਾਰਾ ਪਟਿਆਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਨ੍ਹਾਂ ਦੀ ਇਹ ਮੁੱਖ ਤਰਜੀਹ ਰਹੇਗੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਲੋਕਾਂ ਦੀ ਮੰਗਾਂ ਨੂੰ ਸਮਝਕੇ ਜ਼ਿਲ੍ਹੇ ਦਾ ਵਿਕਾਸ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ।
ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਕਿ ਉਹ ਜ਼ਿਲ੍ਹੇ ਵਿੱਚ ਹੋਰ ਸੁਧਾਰ ਲਿਆਉਣ ਲਈ ਆਪਣੇ ਸੁਝਾਉ ਉਨ੍ਹਾਂ ਨੂੰ ਦੇਣ ਤਾਂ ਕਿ ਜ਼ਿਲ੍ਹੇ ਨੂੰ ਹੋਰ ਅੱਗੇ ਬੁਲੰਦੀਆਂ 'ਤੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁਧਾਰ ਲਈ ਸੁਝਾਓ ਡਿਪਟੀ ਕਮਿਸ਼ਨਰ ਦਫ਼ਤਰ ਦੀ ਈ.ਮੇਲ dc.ptl@punjab.gov.in ਉਪਰ ਭੇਜੇ ਜਾ ਸਕਦੇ ਹਨ, ਉਹ ਆਪਣੀ ਈਮੇਲ ਖ਼ੁਦ ਦੇਖਦੇ ਹਨ ਅਤੇ ਆਏ ਸੁਝਾਵਾਂ ਉਪਰ ਤੁਰੰਤ ਅਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਤਕਲੀਫ਼ ਜਾਂ ਕਿਸੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੋਈ ਮੁਸ਼ਕਿਲ ਹੈ, ਤਾਂ ਉਸ ਦੇ ਹੱਲ ਲਈ ਵੀ ਲੋਕਾਂ ਲਈ ਉਨ੍ਹਾਂ ਦਾ ਦਫ਼ਤਰ ਸਦਾ ਖੁੱਲ੍ਹਾ ਹੈ।
ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਕੇ ਇਸ ਦਾ ਬਹੁਪੱਖੀ ਵਿਕਾਸ ਉਲੀਕਿਆ ਗਿਆ ਹੈ ਤਾਂ ਕਿ ਵੱਧ ਰਹੀ ਤਪਸ਼ ਨੂੰ ਵੀ ਘਟਾਇਆ ਜਾ ਸਕੇ। ਇਸ ਲਈ ਵਿਕਾਸ ਦੇ ਨਾਲ-ਨਾਲ ਮੌਜੂਦਾ ਹਰਿਆਵਲ ਨੂੰ ਬਚਾਅ ਕੇ ਵੱਧ ਤੋਂ ਵੱਧ ਰੁੱਖ ਹੋਰ ਲਗਾਉਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਮੂਹ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅਹੁਦਾ ਛੱਡਕੇ ਜਾ ਰਹੇ ਸ਼ੌਕਤ ਅਹਿਮਦ ਪਰੇ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਵਾਲੇ ਡਾ. ਪ੍ਰੀਤੀ ਯਾਦਵ ਦਾ ਸਵਾਗਤ ਕੀਤਾ ਗਿਆ।
ਜਿਕਰਯੋਗ ਹੈ ਕਿ ਪੀ.ਜੀ.ਆਈ.ਐਮ.ਐਸ. ਰੋਹਤਕ ਤੋਂ ਡੈਂਟਲ ਵਿਸ਼ੇ 'ਚ ਗ੍ਰੈਜੂਏਟ, ਡਾ. ਪ੍ਰੀਤੀ ਯਾਦਵ, ਆਮ ਲੋਕਾਂ ਤੇ ਖਾਸ ਕਰਕੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਰੱਖਣ ਸਮੇਤ ਕੰਮ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਫੈਸਲੇ ਲੈਣ ਲਈ ਜਾਣੇ ਜਾਂਦੇ ਹਨ। ਵਾਤਾਵਰਣ ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਕੇ ਪਰਾਲੀ ਨਾ ਸਾੜਨ ਲਈ ਵੀ ਪ੍ਰੇਰਤ ਕਰਨਾ ਅਤੇ ਜਮੀਨੀ ਪੱਧਰ 'ਤੇ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜਕੇ ਕੰਮ ਕਰਨਾ ਵੀ ਉਨ੍ਹਾਂ ਨੂੰ ਪਸੰਦ ਹੈ।