Mansa News: ਮਾਨਸਾ ਵਿੱਚ ਸੀਵਰੇਜ ਓਵਰਫਲੋਅ ਹੋਣ ਦੇ ਕਾਰਨ ਪਾਣੀ ਭਰ ਗਿਆ ਹੈ। ਇਸ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।
Trending Photos
Mansa News: ਮਾਨਸਾ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸੀਵਰੇਜ ਓਵਰਫਲੋਅ ਹੋਣ ਦੇ ਕਾਰਨ ਪਾਣੀ ਭਰ ਗਿਆ ਹੈ ਜਿੱਥੇ ਸ਼ਹਿਰ ਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਅੱਜ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਮਾਨਸਾ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਕਈ ਦਿਨਾਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਅਜੇ ਤੱਕ ਕਿਸੇ ਵੀ ਅਧਿਕਾਰੀ ਨੇ ਆ ਕੇ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ। ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਮਾਨਸਾ ਸ਼ਹਿਰ ਵਾਸੀਆਂ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਮਹੀਨਾ ਲਗਾਤਾਰ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ।
ਮੌਜੂਦਾ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਚੋਣਾਂ ਤੋਂ ਬਾਅਦ ਤੁਰੰਤ ਮਾਨਸਾ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਪਰਨਾਲਾ ਉੱਥੇ ਦੀ ਉੱਥੇ ਹੈ। ਅੱਜ ਮਾਨਸਾ ਸ਼ਹਿਰ ਦੇ ਵਿੱਚ ਸੀਵਰੇਜ ਓਵਰਫਲੋਅ ਦੇ ਕਾਰਨ ਸੜਕਾਂ ਅਤੇ ਗਲੀਆਂ ਇਸ ਦਾ ਕਦਰ ਭਰ ਗਈਆਂ ਹਨ ਕਿ ਐਵੇਂ ਲੱਗਦਾ ਹੈ ਕਿ ਜਿਵੇਂ ਮਾਨਸਾ ਸ਼ਹਿਰ ਦੇ ਵਿੱਚ ਭਾਰੀ ਬਾਰਿਸ਼ ਹੋਈ ਹੋਵੇ।
ਸ਼ਹਿਰ ਦੇ ਚੁਗਲੀ ਘਰ ਚੌਕ ਤੋਂ ਲੈ ਕੇ ਵੀਰ ਨਗਰ ਮੁਹੱਲਾ ਅਤੇ ਸ਼ਹਿਰ ਦੇ ਮੇਨ ਬਾਜ਼ਾਰ ਵਿੱਚ ਸੀਵਰੇਜ ਦਾ ਪਾਣੀ ਭਰਿਆ ਹੋਇਆ ਹੈ ਜਿਸ ਵਿੱਚੋਂ ਲੋਕ ਲੰਘ ਰਹੇ ਹਨ ਉੱਥੇ ਹੀ ਧਰਨਾ ਪ੍ਰਦਰਸ਼ਨ ਕਰ ਰਹੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੇ ਕਾਰਨ ਗਲੀਆਂ ਅਤੇ ਸੜਕਾਂ ਭਰ ਚੁੱਕੀਆਂ ਹਨ।
ਇਸ ਕਾਰਨ ਪਾਣੀ ਵਿਚੋਂ ਗੰਦੀ ਸੜਾਂਦ ਮਾਰ ਰਹੀ ਹੈ ਅਤੇ ਲੋਕਾਂ ਨੂੰ ਇਸ ਪਾਣੀ ਦੇ ਵਿੱਚੋਂ ਹੀ ਗੁਜ਼ਰਨਾ ਪੈ ਰਿਹਾ ਹੈ। ਨਗਰ ਕੌਂਸਲ ਜਾਂ ਸੀਵਰੇਜ ਬੋਰਡ ਦੇ ਕਿਸੇ ਵੀ ਅਧਿਕਾਰੀ ਨੇ ਅਜੇ ਤੱਕ ਆ ਕੇ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰਨਾ ਆਪਣੀ ਜ਼ਿੰਮੇਵਾਰੀ ਨਹੀਂ ਸਮਝੀ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੱਕ ਵੀ ਗੱਲ ਪਹੁੰਚਾਈ ਪਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੀ ਕੰਨ ਉਤੇ ਜੂੰ ਨਹੀਂ ਸਰਕੀ ਜਿਸ ਕਾਰਨ ਮਜਬੂਰੀ ਵੱਸ ਅੱਜ ਲੋਕਾਂ ਨੂੰ ਧਰਨਾ ਦੇਣਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦ ਇਸ ਸਮੱਸਿਆ ਦਾ ਨਾ ਹੱਲ ਕੀਤਾ ਤਾਂ 25 ਜੂਨ ਨੂੰ ਸ਼ਹਿਰ ਵਾਸੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।